ਫਿਲਮ ਦੇ ਪੋਸਟਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਪ੍ਰੋਡਿਊਸਰ ਖਿਲਾਫ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆ ਰਹੀ ਇੱਕ ਫਿਲਮ ਦੇ ਅਸ਼ਲੀਲ ਪੋਸਟਰ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਤਸਵੀਰ ਛਾਪਣ ਦਾ ਸਖਤ ਨੋਟਿਸ ਲਿਆ ਹੈ। ਭਾਈ ਲੌਂਗੋਵਾਲ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸਬੰਧਤ ਫਿਲਮ ਦੇ ਪ੍ਰੋਡਿਊਸਰ ਖਿਲਾਫ ਕਾਰਵਾਈ ਕਰਨ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਦੱਸਣਯੋਗ ਹੈ ਕਿ ਗੁਰਦੀਪ ਸਿੰਘ ਢਿੱਲੋਂ ਨਾਂ ਦੇ ਪ੍ਰੋਡਿਊਸਰ ਵੱਲੋਂ ਆਪਣੇ ਹੋਮ ਪ੍ਰੋਡਕਸ਼ਨ ਰਾਹੀਂ ਬਣਾਈ ਗਈ ਫਿਲਮ ਇਸ਼ਕ ਮਾਈ ਰਿਲੀਜਨ ਦਾ ਇੱਕ ਪੋਸਟਰ ਸਾਹਮਣੇ ਆਇਆ ਹੈ ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪੀ ਗਈ ਹੈ। ਇਸ ਪੋਸਟਰ ਵਿਚ ਫਿਲਮੀ ਕਲਾਕਾਰਾਂ ਦਾ ਅੰਦਾਜ ਅਸ਼ਲੀਲਤਾ ਵਾਲਾ ਹੈ, ਜਿਸ ਨਾਲ ਸਿੱਖ ਸੰਗਤ ਅੰਦਰ ਰੋਸ ਦੀ ਲਹਿਰ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ’ਤੇ ਇਤਰਾਜ ਪ੍ਰਗਟ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਲਈ ਪਵਿੱਤਰ ਅਸਥਾਨ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਪਾਵਨ ਅਸਥਾਨ ਦੀ ਤਸਵੀਰ ਵਪਾਰਕ ਹਿੱਤਾਂ ਲਈ ਵਰਤਣੀ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਕਾਨੂੰਨੀ ਧਰਾਵਾਂ ਤਹਿਤ ਕੇਸ ਦਰਜ ਕਰਕੇ ਸਬੰਧਤ ਖਿਲਾਫ ਸਖਤ ਕਾਰਵਾਈ ਲਈ ਲਿਖਿਆ ਗਿਆ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬ੍ਰਾਂਡ ਬਣਾ ਕੇ ਆਟਾ ਤੇ ਚਾਵਲ ਵੇਚਣ ’ਤੇ ਵੀ ਵਿਰੋਧ ਜਿਤਾਇਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਤੇ ਕੈਨੇਡਾ ਅੰਦਰ ਗੋਲਡਨ ਟੈਂਪਲ ਨਾਂ ਹੇਠ ਪੈਕਟ ਛਾਪ ਕੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਸਹਿਤ ਉਤਪਾਦ ਵੇਚੇ ਜਾ ਰਹੇ ਹਨ। ਇਹ ਗਲਤ ਕਾਰਵਾਈ ਹੈ ਅਤੇ ਉਤਪਾਦ ਵੇਚਣ ਵਾਲੀਆਂ ਕੰਪਨੀਆਂ ਨੂੰ ਇਹ ਤੁਰੰਤ ਬੰਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ’ਤੇ ਰੋਕ ਨਾ ਲਗਾਈ ਗਈ ਤਾਂ ਸ਼੍ਰੋਮਣੀ ਕਮੇਟੀ ਕਾਰਵਾਈ ਵੀ ਕਰੇਗੀ। ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀਆਂ ਬਾਰੇ ਮੁੜ ਗੌਰ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਅਪੀਲ ਹਾਲ ਹੀ ਵਿਚ ਆਈਆਂ ਖਬਰਾਂ ਅਨੁਸਾਰ ਅਮਰੀਕਾ ਪ੍ਰਸ਼ਾਸਨ ਵੱਲੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਦੇ ਹੱਕ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਵਾਜ ਉਠਾਈ ਹੈ। ਉਨ੍ਹਾਂ ਕਿਹਾ ਕਿ ਏਜੰਟਾਂ ਦੇ ਝਾਂਸਿਆਂ ਵਿਚ ਆ ਕੇ ਵਿਦੇਸ਼ ਗਏ ਪੰਜਾਬੀਆਂ ਨੂੰ ਇਕਦਮ ਡਿਪੋਰਟ ਕਰਨ ਦੀਆਂ ਖਬਰਾਂ ਚਿੰਤਾਜਨਕ ਹਨ ਅਤੇ ਇਸ ਸਬੰਧ ਵਿਚ ਅਮਰੀਕਾ ਸਰਕਾਰ ਨੂੰ ਮੁੜ ਗੌਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਈ ਪਰਿਵਾਰ ਪ੍ਰਭਾਵਿਤ ਹੋਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਪੰਜਾਬੀ ਆਪਣੇ ਜੀਵਨ ਦੀ ਪੂੰਜੀ ਲਗਾ ਕੇ ਚੰਗੇ ਭਵਿੱਖ ਦੀ ਆਸ ਨਾਲ ਵਿਦੇਸ਼ ਗਏ ਹਨ ਜਿਨ੍ਹਾਂ ਦਾ ਭਵਿੱਖ ਤਬਾਹ ਨਹੀਂ ਹੋਣਾ ਚਾਹੀਦਾ। ਉਨ੍ਹਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਪ੍ਰਤੀ ਸੁਹਿਰਦਤਾ ਨਾਲ ਵਿਚਾਰ ਕੀਤੀ ਜਾਵੇ। ਭਾਈ ਲੌਂਗੋਵਾਲ ਨੇ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਏਜੰਟਾਂ ਦੀਆਂ ਗੱਲਾਂ ਵਿਚ ਆ ਕੇ ਗੈਰ ਕਾਨੂੰਨੀ ਤਰੀਕੇ ਨਾਲ ਵਿਦੇਸ਼ ਵੱਸਣ ਤੋਂ ਗੁਰੇਜ ਕਰਨ ਅਤੇ ਵਿਦੇਸ਼ ਜਾਣ ਲਈ ਕਾਨੂੰਨੀ ਢੰਗ ਤਰੀਕੇ ਹੀ ਅਪਣਾਉਣ।