December 4, 2024

ਪੰਜਾਬ ਅਤੇ ਚੰਡੀਗੜ੍ਹ ਪੱਤਰਕਾਰ ਯੂਨੀਅਨ ਨੇ ਬੀਮਾ ਯੋਜਨਾ ‘ਚ ਸ਼ਾਮਲ ਕਰਨ ਲਈ ਬਲਬੀਰ ਸਿੰਘ ਸਿੱਧੂ ਦਾ ਕੀਤਾ ਧੰਨਵਾਦ

ਪੱਤਰਕਾਰਾਂ ਨੂੰ ਈ-ਕਾਰਡ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾਵੇਗੀ: ਸਿਹਤ ਮੰਤਰੀ

ਚੰਡੀਗੜ੍ਹ – ਪੰਜਾਬ ਅਤੇ ਚੰਡੀਗੜ੍ਹ ਪੱਤਰਕਾਰ ਯੂਨੀਅਨ ਦੇ ਇੱਕ ਵਫ਼ਦ ਨੇ ਸੂਬੇ ਦੇ ਪੱਤਰਕਾਰਾਂ ਨੂੰ ‘ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ’ ਵਿਚ ਛੇਵੀਂ ਸ਼੍ਰੇਣੀ ਵਜੋਂ ਸ਼ਾਮਲ ਕਰਨ ਲਈ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਨ ਲਈ ਉਹਨਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।ਇਸ ਵਫ਼ਦ ਦੀ ਅਗਵਾਈ ਕਰਨ ਵਾਲੇ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਕਿਹਾ ਕਿ ਇਸ ਬੀਮਾ ਯੋਜਨਾ ਸਕੀਮ ਨਾਲ ਲਗਭਗ 4700 ਪੱਤਰਕਾਰਾਂ ਨੂੰ ਲਾਭ ਮਿਲੇਗਾ ਜਿਸ ਤਹਿਤ ਸੂਚੀਬੱਧ ਹਸਪਤਾਲਾਂ ਵਿਚ ਮਾਨਤਾ ਪ੍ਰਾਪਤ ਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ਦੂਜੀ ਸ਼੍ਰੇਣੀ ਅਤੇ ਮਲਟੀਸਪੈਸ਼ਲਿਟੀ ਹਸਪਤਾਲਾਂ ਵਿਚ ਮਿਲਣ ਵਾਲੀਆਂ 5 ਲੱਖ ਰੁਪਏ ਤੱਕ ਦੀਆਂ ਸਿਹਤ ਸੇਵਾਵਾਂ ਮਿਲਣਗੀਆਂ।ਸਿਹਤ ਮੰਤਰੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੱਤਰਕਾਰ ਯੂਨੀਅਨ ਵਲੋਂ ਉਹਨਾਂ ਨੂੰ ਸਿਹਤ ਬੀਮਾ ਯੋਜਨਾ ਵਿਚ ਸ਼ਾਮਲ ਕਰਨ ਦੇ ਲਈ ਮੰਗ ਪੱਤਰ ਦਿੱਤਾ ਗਿਆ ਸੀ। ਜਿਸ ਉਪਰੰਤ ਉਹਨਾਂ ਨੇ ਪੱਤਰਕਾਰਾਂ ਇਸ ਮੁੱਦੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿਚ ਲਿਆਂਦਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਨੇ ਸਾਰੇ ਮਾਨਤਾ ਪ੍ਰਾਪਤ ਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ਇਸ ਪ੍ਰਮੁੱਖ ਸਕੀਮ ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਹੋਰ ਇਤਿਹਾਸਕ ਫੈਸਲਿਆਂ ‘ਤੇ ਚਾਨਣਾ ਪਾਉਂਦਿਆਂ ਸ੍ਰੀ ਬਲਵਿੰਦਰ ਸਿੰਘ ਜੰਮੂ ਨੇ ਕਿਹਾ ਕਿ ਇਸ ਪਹਿਲਕਦਮੀ ਦੇ ਨਾਲ ਨਾਲ ਉੱਘੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਦਾ ਐਲਾਨ ਕਰਨ ਲਈ ਅਤੇ ਰਾਜ ਮਾਰਗਾਂ ‘ਤੇ ਲੱਗੇ ਟੋਲ ਟੈਕਸਾਂ ਤੋਂ ਪੱਤਰਕਾਰਾਂ ਨੂੰ ਰਾਹਤ ਦੇਣ ਸਬੰਧੀ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਨ ਲਈ ਉਹਨਾਂ ਦੀ ਰਿਹਾਇਸ਼ ‘ਤੇ ਵੀ ਗਏ ਸਨ।ਪੰਜਾਬ ਅਤੇ ਚੰਡੀਗੜ੍ਹ ਪੱਤਰਕਾਰ ਯੂਨੀਅਨ ਦੇ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਪੱਤਰਕਾਰ ਸ੍ਰੀ ਜੈ ਸਿੰਘ ਛਿੱਬਰ ਨੇ ਕਿਹਾ ਕਿ ਇਹਨਾਂ ਪੱਤਰਕਾਰ-ਪੱਖੀ ਫੈਸਲਿਆਂ ਨਾਲ ਪੰਜਾਬ ਸਰਕਾਰ ਨੇ ਦੇਸ਼ ਦੇ ਹੋਰਨਾਂ ਸੂਬਿਆਂ ਲਈ ਇਕ ਮਿਸਾਲ ਕਾਇਮ ਕਰਨ ਦੇ ਨਾਲ ਪੰਜਾਬ ਵਿਚ ਮੀਡੀਆ ਪੱਖੀ ਮਹੌਲ ਸਿਰਜਿਆ ਹੈ।ਸ. ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨੂੰ ਅੱਗੇ ਜਾਣਕਾਰੀ ਦਿੱਤੀ ਕਿ ਉਹਨਾਂ ਇਸ ਸਕੀਮ ਵਿਚ ਮਾਨਤਾ ਪ੍ਰਾਪਤ ਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ਸ਼ਾਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਸ ਸਕੀਮ ਵਿਚ ਪੱਤਰਕਾਰਾਂ ਨੂੰ ਸ਼ਾਮਲ ਕਰਨ ਲਈ ਸੂਬਾ ਪੱਧਰੀ ਅਤੇ ਜ਼ਿਲ੍ਹਾ ਅਧਿਕਾਰੀ ਜੰਗੀ ਪੱਧਰ ‘ਤੇ ਕੰਮ ਕਰ ਰਹੇ ਹਨ। ਉਹਨਾਂ ਪੱਤਰਕਾਰਾਂ ਨੂੰ ਭਰੋਸਾ ਦਵਾਇਆ ਕਿ ਸੂਬਾ ਸਰਕਾਰ ਇਸ ਬੀਮਾ ਸਕੀਮ ਤਹਿਤ ਮਿਲਦੀਆਂ ਸਿਹਤ ਸੇਵਾਵਾਂ ਪੱਤਰਕਾਰਾਂ ਨੂੰ ਜਲਦ ਤੋਂ ਜਲਦ ਮੁਹੱਈਆ ਕਰਵਾਏਗੀ।ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਪੱਤਰਕਾਰਾਂ ਦੀ ਭਲਾਈ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਕੀਤੇ ਐਲਾਨਾਂ ਨੂੰ ਪੂਰਾ ਕਰਨਾ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੈ।ਵਫ਼ਦ ਵਿੱਚ ਯੂਨੀਅਨ ਸੱਕਤਰ ਜਨਰਲ ਪ੍ਰੀਤਮ ਰੁਪਾਲ, ਸੀਨੀਅਰ ਪੱਤਰਕਾਰ ਸ੍ਰੀ ਤਰਲੋਚਨ ਸਿੰਘ, ਸ੍ਰੀਮਤੀ ਬਿੰਦੂ ਸਿੰਘ, ਸ੍ਰੀ ਵਿਕਰਮਜੀਤ ਸਿੰਘ ਮਾਨ, ਸ੍ਰੀਮਤੀ ਕੁਲਵੰਤ ਕੌਰ, ਸ੍ਰੀ ਨਲਿਨ ਅਚਾਰਿਯਾ ਅਤੇ ਸ੍ਰੀ ਆਰ.ਐਸ. ਲਿਬਰੇਟ ਤੋਂ ਇਲਾਵਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਯੂਨੀਅਨ ਦੇ ਹੋਰ ਮੈਂਬਰ ਸ਼ਾਮਲ ਸਨ। ਇਸ ਮੌਕੇ ਸਿਹਤ ਮੰਤਰੀ ਨਾਲ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਉਹਨਾਂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਵੀ ਮੌਜੂਦ ਸਨ।