December 4, 2024
#ਪੰਜਾਬ #ਭਾਰਤੀ ਡਾਇਸਪੋਰਾ

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਰਾਂਚੀ ਲਈ ਰਵਾਨਾ

ਜਮਸ਼ੇਦਪੁਰ ਵਿਖੇ ਸੰਗਤ ਨੇ ਦਿਖਾਇਆ ਭਾਰੀ ਉਤਸ਼ਾਹ

ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਝਾਰਖੰਡ ਦੇ ਜਮਸ਼ੇਦਪੁਰ ਤੋਂ ਰਾਂਚੀ ਲਈ ਰਵਾਨਾ ਹੋਇਆ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਜਮਸ਼ੇਦਪੁਰ ਸ਼ਹਿਰ ਵਿਖੇ ਨਗਰ ਕੀਰਤਨ ਸਜਾਇਆ ਗਿਆ ਅਤੇ ਅੱਜ ਇਥੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਜਮਸ਼ੇਦਪੁਰ ਵਿਖੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਪ੍ਰਤੀ ਭਰਵਾਂ ਉਤਸ਼ਾਹ ਦਿਖਾਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਤਿਕਾਰ ਦਿੱਤਾ। ਇਥੋਂ ਰਾਂਚੀ ਲਈ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੇ ਕੋਆਰਡੀਨੇਟਰ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਹਰ ਸੂਬੇ ਅੰਦਰ ਸੰਗਤਾਂ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਹਿੱਸਾ ਲੈ ਰਹੀਆਂ ਹਨ। ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ’ਚ ਸੁਸ਼ੋਭਿਤ ਗੁਰੂ ਸਾਹਿਬਾਨ ਦੇ ਸ਼ਸਤਰ ਅਤੇ ਹੋਰ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਵੀ ਸੰਗਤਾਂ ਉਮੜ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਭਲਕੇ ਝਾਰਖੰਡ ਦੇ ਰਾਂਚੀ ਤੋਂ ਨਗਰ ਕੀਰਤਨ ਰੋੜਕਿਲ੍ਹਾ, ਉੜੀਸਾ ਲਈ ਰਵਾਨਾ ਹੋਵੇਗਾ ਅਤੇ ਅਗਲੇ ਤਿੰਨ ਦਿਨ ਉੜੀਸਾ ਦੇ ਵੱਖ-ਵੱਖ ਸ਼ਹਿਰਾਂ ਦੀ ਯਾਤਰਾ ਕਰੇਗਾ। ਅੱਜ ਜਮਸ਼ੇਦਪੁਰ ਤੋਂ ਰਵਾਨਗੀ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਜਮਸ਼ੇਦਪੁਰ ਦੇ ਪ੍ਰਧਾਨ ਸ. ਗੁਰਮੁੱਖ ਸਿੰਘ, ਸ. ਹਰਵਿੰਦਰ ਸਿੰਘ ਮੰਟੂ, ਸ. ਸਲਿੰਦਰ ਸਿੰਘ, ਸ. ਇੰਦਰਜੀਤ ਸਿੰਘ ਮੀਤ ਪ੍ਰਧਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸ. ਚਰਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਪਰਮਜੀਤ ਸਿੰਘ, ਸੁਪਰਵਾਈਜ਼ਰ ਸ. ਰਜਵੰਤ ਸਿੰਘ ਰੰਧਾਵਾ, ਸ. ਗੁਰਮੇਜ ਸਿੰਘ, ਸ. ਗੁਰਦੇਵ ਸਿੰਘ, ਸ. ਬਖ਼ਸ਼ੀਸ਼ ਸਿੰਘ, ਸ. ਸਤਨਾਮ ਸਿੰਘ, ਸ. ਮੋਹਨ ਸਿੰਘ, ਪ੍ਰਚਾਰਕ ਭਾਈ ਪ੍ਰਗਟ ਸਿੰਘ, ਕਵੀਸ਼ਰ ਭਾਈ ਜਸਬੀਰ ਸਿੰਘ, ਢਾਡੀ ਭਾਈ ਜਸਬੀਰ ਸਿੰਘ ਵਲਟੋਹਾ ਸਮੇਤ ਸੰਗਤਾਂ ਮੌਜੂਦ ਸਨ।