March 27, 2025

ਮਹਿਜ਼ ਇੱਕ ਮਹੀਨੇ ’ਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 17.02 ਲੱਖ ਈ-ਕਾਰਡ ਬਣਾਏ ਗਏ: ਬਲਬੀਰ ਸਿੰਘ ਸਿੱਧੂ

10 ਦਿਨਾਂ ਦੌਰਾਨ 1591 ਮਰੀਜ਼ ਵਿੱਚੋਂ 661 ਲਾਭਪਾਤਰੀਆਂ ਨੂੰ ਪ੍ਰਾਪਤ ਹੋਈਆਂ ਸਰਜਰੀ ਤੇ ਆਪ੍ਰੇਸ਼ਨ ਸਬੰਧੀ ਸਿਹਤ ਸਹੂਲਤਾਂ
ਚੰਡੀਗੜ – ਸੂਬੇ ਦੇ ਲਗਭਗ 46 ਲੱਖ ਪਰਿਵਾਰਾਂ ਨੂੰ ‘ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਦੂਜੇ ਦਰਜੇ ਅਤੇ ਸਰਜਰੀ ਤੇ ਆਪ੍ਰੇਸ਼ਨ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਈ-ਕਾਰਡਜ਼ ਬਣਾਉਣ ਦਾ ਕੰਮ ਕਾਮਨ ਸਰਵਿਸ ਸੈਂਟਰਾਂ(ਸੀਐਸਸੀ) ਅਤੇ ਹਸਪਤਾਲਾਂ ਵਿੱਚ ਪੂਰੇ ਜੋਰਾਂ ’ਤੇ ਚੱਲ ਰਿਹਾ ਹੈ। ਪੰਜਾਬ ਸਰਕਾਰ ਨੇ ਅਗਸਤ ਦੇ ਮਹੀਨੇ ਵਿੱਚ ਕੁੱਲ 17.02 ਲੱਖ ਈ-ਕਾਰਡ ਜਾਰੀ ਕੀਤੇ ਹਨ। ਇਹ ਜਾਣਕਾਰੀ ਇੱਕ ਪ੍ਰੈਸ ਬਿਆਨ ਦੌਰਾਨ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ। ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕਾਮਨ ਸਰਵਿਸ ਸੈਂਟਰਾਂ(ਸੀਐਸੀ) ਅਤੇ ਹਸਪਤਾਲਾਂ ਵਿੱਚ ਯੋਗ ਪਰਿਵਾਰਾਂ ਨੂੰ ਈ-ਕਾਰਡ ਜਾਰੀ ਕਰਨ ਦੀ ਕਾਰਗੁਜ਼ਾਰੀ ਦੀ ਦੇਖ-ਰੇਖ ਦਾ ਕੰਮ ਸਟੇਟ ਸਿਹਤ ਏਜੰਸੀ ਕਰ ਰਹੀ ਹੈ। ਉਨਾਂ ਅੱਗੇ ਕਿਹਾ ਕਿ ਇਸ ਆਲਮੀ ਸਿਹਤ ਬੀਮਾ ਸਕੀਮ ਤਹਿਤ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾੳੋਣ ਸਬੰਧੀ ਨਿਰਦੇਸ਼ ਜ਼ਿਲਾ ਅਧਿਕਾਰੀਆਂ ਨੂੰ ਦਿੱਤੇ ਗਏ ਹਨ। ਉਨਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਇਸ ਸਕੀਮ ਤਹਿਤ ਇਲਾਜ ਸੇਵਾਵਾਂ ਦੀ ਸ਼ੁਰੂਆਤ 20 ਅਗਸਤ ,2019 ਨੂੰ ਕੀਤੀ ਗਈ ਅਤੇ ਮਹਿਜ਼ 10 ਦਿਨਾਂ ਵਿੱਚ ਹੀ 1591 ਮਰੀਜ਼ਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਨਕਦ-ਰਹਿਤ ਇਲਾਜ ਮੁਹੱਈਆ ਕਰਵਾਇਆ ਗਿਆ। 1591 ਮਰੀਜ਼ਾਂ ਵਿੱਚੋਂ 661 ਮਰੀਜ਼ਾਂ ਨੂੰ ਸਰਜਰੀ ਤੇ ਆਪ੍ਰੇਸ਼ਨ ਵਰਗੀਆਂ ਮਹਿੰਗੀਆਂ ਇਲਾਜ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਗਈਆਂ।ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਵੱਲੋਂ ਇੰਨੇ ਘੱਟ ਸਮੇਂ ਵਿੱਚ ਕੀਤੇ ਗਏ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿਹਤ ਬੀਮਾ ਯੋਜਨਾ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਵਿੱਚ ਪੰਜਾਬ ਹੁਣ ਉੱਤਰੀ ਭਾਰਤ ਦੇ ਮੋਹਰੀ ਰਾਜਾਂ ਦੀ ਕਤਾਰ ਵਿੱਚ ਖੜਾ ਹੋ ਗਿਆ ਹੈ। ਉਨਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਗੂ ਹੋਣ ਦੇ ਮਹਿਜ਼ 10 ਦਿਨਾਂ ਉਪਰੰਤ ਲਗਭਗ 17.02 ਲੱਖ ਈ-ਕਾਰਡ ਲਾਭਪਾਤਰੀਆਂ ਨੂੰ ਜਾਰੀ ਕਰ ਦਿੱਤੇ ਗਏ ਹਨ ਜਦਕਿ ਸਾਡੇ ਗਵਾਂਢੀ ਰਾਜ ਸਾਡੇ ਤੋਂ ਕਾਫੀ ਪਿੱਛੇ ਰਹਿ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਇਸ ਲੋਕ ਭਲਾਈ ਸਕੀਮ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਗੂ ਕੀਤਾ ਗਿਆ ਸੀ ਅਤੇ ਮੁੱਖ ਮੰਤਰੀ ਵੱਲੋਂ ਇਸਨੂੰੁ ਸਿਧਾਂਤਕ ਪ੍ਰਵਾਨਗੀ ਦਿੰਦੇ ਹੋਏ ਇਸ ਸਕੀਮ ਵਿੱਚ ਵਾਧਾ ਕਰਦਿਆਂ 45.89 ਲੱਖ ਪਰਿਵਾਰਾਂ(ਸੂਬੇ ਦੀ 75 ਫੀਸਦ ਆਬਾਦੀ) ਨੂੰ 5 ਹੋਰ ਸ਼ੇਣੀਆਂ ਸਮਾਰਟ ਰਾਸ਼ਨ ਧਾਰਕ, ਛੋਟੇ ਵਪਾਰੀ, ਜੇ ਫਾਰਮ ਧਾਰਕ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨ ਅਤੇ ਪ੍ਰਮਾਣਿਤ ਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਸਾਮਲ ਕੀਤਾ ਗਿਆ ਹੈ ਜਦਕਿ ਕੇਂਦਰ ਸਰਕਾਰ ਵੱਲੋਂ ਕੇਵਲ 2011 ਮਰਦਮਸ਼ੁਮਾਰੀ ਅਨੁਸਾਰ ਸਮਾਜਿਕ ਤੇ ਆਰਥਿਕ ਪੱਖੋਂ ਪੱਛੜੇ ਪਰਿਵਾਰਾਂ ਨੂੰ ਹੀ ਸ਼ਾਮਲ ਕੀਤਾ ਗਿਆ ਸੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਵੱਡੇ ਪੱਧਰ ਦੇ ਵਿਲੱਖਣ ਫੈਸਲੇ ਨਾਲ ਪੰਜਾਬ ਦੀ 2 ਕਰੋੜ ਤੋਂ ਵੱਧ ਲੋਕਾਂ ਨੂੰ ਇਸ ਬੀਮਾ ਯੋਜਨਾ ਅਧੀਨ ਸਿਹਤ ਸੁਰੱਖਿਆ ਮਿਲੇਗੀ। ਉਨਾਂ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਸਰਦਾਰ ਸਿੱਧੂ ਨੇ ਕਿਹਾ ਕਿ ਇਸ ਸਕੀਮ ਤਹਿਤ ਪਰਿਵਾਰਕ ਮੈਂਬਰਾਂ ਦੀ ਗਿਣਤੀ , ਉਮਰ ਜਾਂ ਿਗ ਦੇ ਬਿਨਾਂ ਭੇਦ-ਭਾਵ ਕਰਦੇ ਹੋਏ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਸ਼ਾਮਲ ਕੀਤਾ ਗਿਆ ਹੈ। ਇਸ ਸਕੀਮ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਸੂਬੇ ਦੇ ਲੋਕਾਂ ਉੱਤੇ ਪੈਣ ਆਰਥਿਕ ਬੋਝ ਘਟਾਇਆ ਜਾ ਸਕੇ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਬੀਮਾ ਯੋਜਨਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਸਟੇਟ ਸਿਹਤ ਏਜੰਸੀ ਵੱਲੋਂ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ ਅਤੇ ਮਰੀਜ਼ਾਂ ਨੂੰ ਬਿਨਾਂ ਕਿਸੇ ਮੁਸ਼ਕਿਲ ’ਤੇ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਮਿਲ ਸਕਣ ਇਸ ਲਈ ਸੂਚੀ ਬੱਧ ਹਸਪਤਾਲਾਂ ਵਿੱਚ ‘ਆਰੋਗਿਆ ਮਿੱਤਰਾ’ ਨੂੰ ਨਿਯੁਕਤ ਕੀਤਾ ਗਿਆ ਹੈ।