ਅੰਤਰਰਾਸ਼ਟਰੀ ਨਗਰ ਕੀਰਤਨ ਸੰਗਤ ਦੇ ਭਾਰੀ ਉਤਸ਼ਾਹ ਦੇ ਚੱਲਦਿਆਂ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ
ਅੰਮ੍ਰਿਤਸਰ – ਸੰਗਤ ਦੇ ਭਰਵੇਂ ਉਤਸ਼ਾਹ ਦੇ ਚੱਲਦਿਆਂ ਅੰਤਰਰਾਸ਼ਟਰੀ ਨਗਰ ਕੀਰਤਨ ਉੜੀਸਾ ਦੇ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ ਹੋ ਗਿਆ ਹੈ। ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਕਾਰਨ ਨਗਰ ਕੀਰਤਨ ਦੀ ਵਿਸ਼ੇਸ਼ ਮਹੱਤਤਾ ਦੇ ਮੱਦੇਨਜ਼ਰ ਹਰ ਸੂਬੇ ਅੰਦਰ ਸੰਗਤਾਂ ਦਰਸ਼ਨਾਂ ਲਈ ਹੁੰਮ-ਹੁੰਮਾ ਕੇ ਪੁੱਜ ਰਹੀਆਂ ਹਨ। ਇਸੇ ਤਹਿਤ ਹੀ ਬੀਤੀ ਦੇਰ ਰਾਤ ਰੌੜਕਿਲ੍ਹਾ ਵਿਖੇ ਨਗਰ ਕੀਰਤਨ ਦੇ ਪਹੁੰਚਣ ਸਮੇਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲ ਪੱਤੀਆਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਸੰਗਤ ਦੀ ਟਹਿਲ ਸੇਵਾ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਅਤੇ ਛਬੀਲਾਂ ਵੀ ਲਗਾਈਆਂ ਗਈਆਂ ਸਨ। ਨਗਰ ਕੀਰਤਨ ਦੇ ਸਵਾਗਤ ਲਈ ਪਹੁੰਚੀਆਂ ਸੰਗਤਾਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਅਥਾਹ ਸ਼ਰਧਾ ਦੇ ਨਾਲ-ਨਾਲ ਨਗਰ ਕੀਰਤਨ ’ਚ ਸ਼ਾਮਲ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਵੀ ਸੰਗਤ ਨੇ ਰੁਚੀ ਦਿਖਾਈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਰੌੜਕਿਲ੍ਹਾ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਥੋਂ ਅੱਗੇ ਰਵਾਨਗੀ ਸਮੇਂ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਥਾਨਕ ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਸਤਿਕਾਰ ਦਿੱਤਾ। ਉਨ੍ਹਾਂ ਦੱਸਿਆ ਕਿ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਵੇਦ ਵਿਆਸ, ਰੌੜਕਿਲ੍ਹਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਸਿੰਘਾਂ ਨੇ ਹਾਜ਼ਰੀ ਭਰੀ ਅਤੇ ਪ੍ਰਚਾਰਕ ਸਿੰਘਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਾਜਿੰਦਰ ਸਿੰਘ, ਜਨਰਲ ਸਕੱਤਰ ਸ. ਗੁਰਮੀਤ ਸਿੰਘ, ਸਕੱਤਰ ਸ. ਸਤਬੀਰ ਸਿੰਘ, ਖ਼ਜ਼ਾਨਚੀ ਸ. ਕੁਲਦੀਪ ਸਿੰਘ, ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਬਲਬੀਰ ਕੌਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਨਾਲ ਸੇਵਾ ਨਿਭਾਅ ਰਹੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਮੈਨੇਜਰ ਸ. ਪਰਮਜੀਤ ਸਿੰਘ, ਸੁਪਰਵਾਈਜ਼ਰ ਸ. ਰਜਵੰਤ ਸਿੰਘ ਰੰਧਾਵਾ, ਸ. ਗੁਰਮੇਜ ਸਿੰਘ, ਸ. ਬਲਦੇਵ ਸਿੰਘ, ਸ. ਗੁਰਦੇਵ ਸਿੰਘ, ਸ. ਬਖ਼ਸ਼ੀਸ ਸਿੰਘ ਸਮੇਤ ਹੋਰ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਨਗਰ ਕੀਰਤਨ ਦੇ ਕੋਆਰਡੀਨੇਟਰ ਸ. ਮਨਜੀਤ ਸਿੰਘ ਬਾਠ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 5 ਸਤੰਬਰ ਨੂੰ ਨਗਰ ਕੀਰਤਨ ਕੱਟਕ ਭੁਵਨੇਸ਼ਵਰ ਤੋਂ ਚੱਲ ਕੇ ਗੁਰਦੁਆਰਾ ਸਿੰਘ ਸਭਾ ਮੋਦੀਪਾਰਾ ਸੰਬਲਪੁਰ (ਉੜੀਸਾ) ਵਿਖੇ ਵਿਸ਼ਰਾਮ ਕਰੇਗਾ।