ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਾਲੇ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਕੇਂਦਰੀ ਖੇਤੀਬਾੜੀ ਰਾਜ ਮੰਤਰੀ ਪਰਸ਼ੋਤਮ ਰੁਪਾਲਾ ਨੇ ਕੀਤਾ ਸਨਮਾਨ
ਨਵੀਂ ਦਿੱਲੀ -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੀਆਂ ਵਿਧੀਆਂ ਅਪਣਾਉਣ ਲਈ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਅੱਜ ਰਾਸ਼ਟਰੀ ਪੱਧਰ ’ਤੇ ਥਾਪੜਾ ਮਿਲਿਆ ਜਦੋਂ ਭਾਰਤ ਸਰਕਾਰ ਵੱਲੋਂ ਸੂਬੇ ਦੇ 10 ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਨ੍ਹਾਂ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿੱਚ ਹੀ ਖਪਾਉਣ ਦੀਆਂ ਵਿਧੀਆਂ ਨੂੰ ਅਪਣਾਇਆ ਗਿਆ ਹੈ।ਕੇਂਦਰੀ ਖੇਤੀਬਾੜੀ ਰਾਜ ਮੰਤਰੀ ਸ੍ਰੀ ਪਰਸ਼ੋਤਮ ਰੁਪਾਲਾ ਵੱਲੋਂ ਇਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਅੱਜ ਇੱਥੇ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕਿਸਾਨਾਂ ਦੀ ਹੋਈ ਕੌਮੀ ਕਾਨਫਰੰਸ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ।ਕੇਂਦਰੀ ਮੰਤਰੀ ਵੱਲੋਂ ਸਨਮਾਨਤ ਕੀਤੇ ਗਏ ਇਨ੍ਹਾਂ ਕਿਸਾਨਾਂ ਵਿੱਚ ਡਾ. ਹਰਮਿੰਦਰ ਸਿੰਘ ਸਿੱਧੂ ਪਿੰਡ ਜਲਾਲਦੀਵਾਲ ਜ਼ਿਲ੍ਹਾ ਲੁਧਿਆਣਾ, ਗੁਰਿੰਦਰ ਸਿੰਘ ਗਿੱਲ ਪਿੰਡ ਕਨੋਈ ਜ਼ਿਲ੍ਹਾ ਸੰਗਰੂਰ, ਜਗਤਾਰ ਸਿੰਘ ਬਰਾੜ ਪਿੰਡ ਮਹਿਮਾ ਸਰਜਾ ਜ਼ਿਲ੍ਹਾ ਬਠਿੰਡਾ, ਨਰਿੰਦਰ ਸਿੰਘ ਪਿੰਡ ਬੁਹ ਹਵੇਲੀਆਂ ਜ਼ਿਲ੍ਹਾ ਤਰਨਤਾਰਨ, ਸੁਖਜੀਤ ਸਿੰਘ ਪਿੰਡ ਦਿਵਾਲਾ ਜ਼ਿਲ੍ਹਾ ਲੁਧਿਆਣਾ, ਭੁਪਿੰਦਰ ਸਿੰਘ ਪਿੰਡ ਬਦਨਪੁਰ ਜ਼ਿਲ੍ਹਾ ਮੁਹਾਲੀ, ਬੀਰ ਦਲਵਿੰਦਰ ਸਿੰਘ ਪਿੰਡ ਕਲਾ ਮਾਜਰੀ ਜ਼ਿਲ੍ਹਾ ਪਟਿਆਲਾ, ਬਲਵਿੰਦਰ ਸਿੰਘ ਪਿੰਡ ਘਰਾਂਗਣਾ ਜ਼ਿਲ੍ਹਾ ਮਾਨਸਾ, ਗੁਰਦਿਆਲ ਸਿੰਘ ਪਿੰਡ ਸਲੋਪੁਰ ਜ਼ਿਲ੍ਹਾ ਗੁਰਦਾਸਪੁਰ ਅਤੇ ਹਰਵਿੰਦਰ ਸਿੰਘ ਬੜਿੰਗ ਪਿੰਡ ਕੋਠੇ ਗੋਬਿੰਦਪੁਰਾ ਜ਼ਿਲ੍ਹਾ ਬਰਨਾਲਾ ਸ਼ਾਮਲ ਹਨ।ਕੇਂਦਰ ਸਰਕਾਰ ਵੱਲੋਂ ਇੱਥੇ ਐਨ.ਏ.ਐਸ.ਸੀ. ਕੰਪਲੈਕਸ ਵਿਖੇ ਕਰਵਾਈ ਇਸ ਕੌਮੀ ਕਾਨਫਰੰਸ ਵਿੱਚ ਪੰਜਾਬ ਦੇ 500 ਤੋਂ ਵਧੇਰੇ ਕਿਸਾਨਾਂ ਨੇ ਵੱਲੋਂ ਭਾਗ ਲਿਆ। ਇਸ ਕਾਨਫਰੰਸ ਦਾ ਮੰਤਵ ਦੇਸ਼ ਭਰ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਾਹਿਰਾਂ ਵੱਲੋਂ ਦਰਸਾਈਆਂ ਵਿਧੀਆਂ ਅਪਣਾਉਣ ਲਈ ਉਤਸ਼ਾਹਤ ਕਰਨਾ ਸੀ। ਇਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਖੇਤੀਬਾੜੀ ਵਿਭਾਗ ਪੰਜਾਬ ਤੋਂ ਇਲਾਵਾ ਹੋਰ ਵਿਭਾਗਾਂ ਅਤੇ ਅਦਾਰਿਆਂ ਦੇ ਮਾਹਿਰਾਂ ਅਤੇ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਵੱਲੋਂ ਇਸ ਵਿਸ਼ੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਕਾਨਫਰੰਸ ਵਿੱਚ ਹੋਰਨਾਂ ਸੂਬਿਆਂ ਦੇ ਕਿਸਾਨਾਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਗਈ।ਖੇਤੀਬਾੜੀ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਐਸ.ਕੇ.ਐਰੀ ਨੇ ਦੱਸਿਆ ਕਿ ਫਸਲੀ ਰਹਿੰਦ-ਖੂੰਹਦ ਦੇ ਵਾਤਾਵਰਨ ਵਿਰੋਧੀ ਰੁਝਾਨ ਨੂੂੰ ਰੋਕਣ ਲਈ ਸੂਬੇ ਦੇ ਕਿਸਾਨਾਂ ਵੱਲੋਂ ਅਗਾਂਹਵਧੂ ਸੋਚ ਰੱਖਦਿਆਂ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀਆਂ ਤਕਨੀਕਾਂ ਨੂੰ ਵੱਡੇ ਪੈਮਾਨੇ ‘ਤੇ ਅਪਣਾਉਣਾ ਆਪਣੇ ਆਪ ਵਿੱਚ ਹਾਂ-ਪੱਖੀ ਸੰਕੇਤ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪਰਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਵੱਡੇ ਪੈਮਾਨੇ ‘ਤੇ ਮੁਹਿੰਮ ਵਿੱਢੀ ਗਈ ਹੈ। ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਸਹਿਯੋਗ ਨਾਲ ਕੀਤੇ ਗਏ ਇਨ੍ਹਾਂ ਯਤਨਾਂ ਸਦਕਾ ਇਸ ਰੁਝਾਨ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਕਰਯੋਗ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਮਹੱਤਵਪੂਰਨ ਹੈ ਕਿ ਹੁਣ ਨਵੀਆਂ ਤਕਨੀਕਾਂ ਅਪਣਾਉਣ ਵਾਲੇ ਕਿਸਾਨ ਹੋਰ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਉਤਸ਼ਾਹਿਤ ਕਰਨ ਖਾਤਰ ਰੋਲ-ਮਾਡਲ ਦੀ ਭੂਮਿਕਾ ਨਿਭਾ ਰਹੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਮੁਕੰਮਲ ਰੂਪ ਵਿੱਚ ਮਨਫੀ ਕਰਨ ਦੇ ਮਕਸਦ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਬੀਤੇ ਵਰ੍ਹੇ 28000 ਐਗਰੋ ਮਸ਼ੀਨਾ/ਸੰਦ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾ ਚੁੱਕੇ ਹਨ ਜਿਨ੍ਹਾਂ ਦੀ ਸਬਸਿਡੀ 269 ਕਰੇੜ ਰੁਪਏ ਬਣਦੀ ਹੈ ਤਾਂ ਜੋ ਕਿਸਾਨਾਂ ਇਨ੍ਹਾਂ ਤਕਨੀਕੀ ਉਪਕਰਨਾਂ ਦੀ ਸਹਾਇਤਾ ਨਾਲ ਪਰਾਲੀ ਤੇ ਹੋਰ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਪ੍ਰਭਾਵੀ ਢੰਗ ਨਾਲ ਅਪਣਾ ਸਕਣ। ਇਸੇ ਤਰ੍ਹਾਂ ਚਾਲੂ ਸਾਲ ਦੌਰਾਨ ਕਿਸਾਨਾਂ ਨੂੰ 22000 ਹੋਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਕੀਮ ਤਹਿਤ ਕਿਸਾਨਾਂ ਨੂੰ ਉਪਕਰਨਾਂ ਉੱਪਰ 50 ਤੋਂ 80 ਫੀਸਦ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 5000 ਨਵੇਂ ਕਸਟਮ ਹਾਇਰਿੰਗ ਕੇਂਦਰ ਖੋਲ੍ਹੇ ਜਾ ਰਹੇ ਹਨ ਜਿਸ ਨਾਲ ਇਨ੍ਹਾਂ ਕੇਂਦਰਾਂ ਦੀ ਗਿਣਤੀ 9000 ਤੋਂ ਵਧੇਰੇ ਹੋ ਜਾਵੇਗੀ।ਫਸਲੀ ਰਹਿੰਦ-ਖੂਹੰਦ ਦੇ ਪ੍ਰਬੰਧਨ ਸਬੰਧੀ ਪੰਜਾਬ ਦੇ ਨੋਡਲ ਅਫਸਰ ਅਤੇ ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ੍ਰੀ ਮਨਮੋਹਨ ਕਾਲੀਆ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਚਨਾ ਸਿੱਖਿਆ ਸੰਚਾਰ (ਆਈ.ਈ.ਸੀ) ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਜਾਣ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕੀਤਾ ਜਾ ਸਕੇ।ਇਸ ਮੌਕੇ ਸਨਮਾਨਤ ਕਿਸਾਨਾਂ ਵਿੱਚੋਂ ਇਕ ਪਿੰਡ ਦਿਵਾਲਾ ਜ਼ਿਲ੍ਹਾ ਲੁਧਿਆਣਾ ਦੇ ਕਿਸਾਨ ਸੁਖਜੀਤ ਸਿੰਘ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਹੋਰ ਸਾਥੀ ਕਿਸਾਨ ਦੂਜੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਦੇ ਪ੍ਰਬੰਧਨ ਨੂੰ ਅਪਣਾਉਣ ਲਈ ਉਤਸ਼ਾਹਿਤ ਕਰ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਖੇਤੀ ਲਾਗਤ ਵੀ ਘਟਾਈ ਜਾ ਸਕੇ।