December 8, 2024
#ਪੰਜਾਬ #ਭਾਰਤੀ ਡਾਇਸਪੋਰਾ

ਅੰਤਰਰਾਸ਼ਟਰੀ ਨਗਰ ਕੀਰਤਨ ਭੋਪਾਲ ਤੋਂ ਇੰਦੌਰ ਲਈ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਬੀਤੀ ਰਾਤ ਮੱਧ ਪ੍ਰਦੇਸ਼ ਦੇ ਭੋਪਾਲ ਪੁੱਜਣ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਥੇ ਪੁੱਜਣ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਵੀ ਸੰਗਤ ਨੇ ਭਰਵੀਂ ਹਾਜ਼ਰੀ ਭਰੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਆਪਣੀ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨੀ ਸਿੰਘਾਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਤੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਸਮੇਤ ਹੋਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵੀ ਸਨਮਾਨ ਦਿੱਤਾ ਗਿਆ। ਸਾਗਰ ਤੋਂ ਭੋਪਾਲ ਦੇ ਰਸਤੇ ਬਿਦਿਸ਼ਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਥੇ ਸਥਾਨਕ ਵਿਧਾਇਕ ਸ੍ਰੀ ਸੁਸ਼ਾਂਸ਼ ਭਾਰਗਵ ਨੇ ਵੀ ਸ਼ਮੂਲੀਅਤ ਕੀਤਾ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਸੁਰਿੰਦਰਪਾਲ ਸਿੰਘ ਚਾਵਲਾ ਤੇ ਸਕੱਤਰ ਸ. ਕਰਮਜੀਤ ਸਿੰਘ ਸਮੇਤ ਹੋਰ ਅਹੁਦੇਦਾਰ ਵੀ ਮੌਜੂਦ ਸਨ।ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਗੁਰਦੁਆਰਾ ਨਾਨਕਸਰ ਸਾਹਿਬ ਹਮੀਦੀਆ ਰੋਡ ਭੋਪਾਲ ਤੋਂ ਅਗਲੇ ਪੜਾਅ ਇੰਦੌਰ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਗੀ ਹੋਈ। ਇਥੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵੀਚਾਰਾਂ ਵੀ ਹੋਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਦਾ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ’ਚ ਭਰਵੀਂ ਸ਼ਮੂਲੀਅਤ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਗੁਰਦੀਪ ਸਿੰਘ ਭਾਟੀਆ ਇੰਦੌਰ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਪਰਮਵੀਰ ਸਿੰਘ, ਸਕੱਤਰ ਸ. ਅਮਰੀਕ ਸਿੰਘ, ਖ਼ਜ਼ਾਨਚੀ ਸ. ਰਣਜੀਤ ਸਿੰਘ, ਮੀਤ ਪ੍ਰਧਾਨ ਸ. ਗੁਰਮੇਲ ਸਿੰਘ, ਸ. ਪ੍ਰਮਿੰਦਰ ਸਿੰਘ, ਸ. ਸਤਨਾਮ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆ, ਬੀਬੀ ਸਿਮਰਨ ਕੌਰ, ਵਧੀਕ ਮੈਨੇਜਰ ਸ. ਪਰਮਜੀਤ ਸਿੰਘ, ਸ. ਰਜਵੰਤ ਸਿੰਘ ਰੰਧਾਵਾ ਸਮੇਤ ਭਰਵੀਂ ਸੰਗਤ ਮੌਜੂਦ ਸੀ।