December 8, 2024
#ਭਾਰਤ

ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੀਟਿੰਗ ਕਰ ਕੇ ਆਪਣੀ ਸਰਕਾਰ ਦੇ ਪ੍ਰੋਗਰਾਮ ਤੇ ਨੀਤੀਆਂ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਕਾਂਗਰਸ ਪ੍ਰਧਾਨ ਨੂੰ ਜਾਣੂੰ ਕਰਵਾਇਆ ਕਿ ਸੂਬਾ ਸਰਕਾਰ ਵੱਲੋਂ ਕੀਤੇ 161 ਵਾਅਦਿਆਂ ਵਿੱਚੋਂ 140 ਪੂਰੇ ਕੀਤੇ, ਬਾਕੀਆਂ ’ਤੇ ਕੰਮ ਜਾਰੀ
ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੀ ਅੰਤਿ੍ਰਮ ਪ੍ਰਧਾਨ ਸੋਨੀਆ ਗਾਂਧੀ ਨਾਲ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਚੋਣਾਂ ਵਿੱਚ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੇ ਕੰਮਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ।ਇਹ ਚਰਚਾ ਸੋਨੀਆ ਗਾਂਧੀ ਵੱਲੋਂ ਕਾਂਗਰਸੀ ਮੁੱਖ ਮੰਤਰੀਆਂ ਦੀ ਸਬੰਧਤ ਸਰਕਾਰਾਂ ਵੱਲੋਂ ਚੋਣਾਂ ਦੌਰਾਨ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਸਫਲਾਤਪੂਰਵਕ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਅਤੇ ਯੋਜਨਾਵਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੌਰਾਨ ਹੋਈ।ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਇਸ ਮੀਟਿੰਗ ਦੌਰਾਨ ਉਨਾਂ ਸੋਨੀਆ ਗਾਂਧੀ ਨੂੰ ਜਾਣੂੰ ਕਰਵਾਇਆ ਕਿ ਉਨਾਂ ਦੀ ਸਰਕਾਰ ਵੱਲੋਂ ਚੋਣਾਂ ਵਿੱਚ ਕੀਤੇ 161 ਵਾਅਦਿਆਂ ਵਿੱਚੋਂ 140 ਪੂਰੇ ਕਰ ਦਿੱਤੇ ਹਨ ਅਤੇ ਬਾਕੀਆਂ ਨੂੰ ਪੂਰਾ ਕਰਨ ਦਾ ਕੰਮ ਪ੍ਰਗਤੀ ਅਧੀਨ ਹੈ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਉਨਾਂ ਪਾਰਟੀ ਪ੍ਰਧਾਨ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਰੋਜ਼ਗਾਰ ਉਤਪਤੀ, ਨਸ਼ਿਆਂ ਦਾ ਖਾਤਮਾ, ਕਿਸਾਨਾਂ ਦੀ ਕਰਜ਼ ਮੁਆਫੀ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦਾ ਵਿਸਥਾਰ ਕਰਦਿਆਂ ਸੂੁਬੇ ਵਿੱਚ 42 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਦੇਣ ਸਮੇਤ ਹੋਰ ਕਈ ਮਹੱਤਵਪੂਰਨ ਲੋਕ ਭਲਾਈ ਦੇ ਕੰਮ ਸਫਲਤਾਪੂਰਵਕ ਨੇਪਰੇ ਚਾੜੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨੇ ਉਚੇਚੇ ਤੌਰ ’ਤੇ ਉਨਾਂ ਦੀ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਸੂਬੇ ਵਿੱਚ ਲਿਆਂਦੇ 50,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਅਤੇ ਸੂਬੇ ਵਿੱਚ ਕਰੀਬ ਸਾਰੀ ਵਸੋਂ ਨੂੰ ਸਿਹਤ ਬੀਮਾ ਯੋਜਨਾ ਅਧੀਨ ਲਿਆਉਣ ਦੇ ਕੰਮ ਦੀ ਸ਼ਲਾਘਾ ਕੀਤੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਸੂਬਾ ਸਰਕਾਰ ਦੁਆਰਾ ਵਿੱਤੀ ਅਤੇ ਹੋਰ ਸਮੱਸਿਆਵਾਂ ਦੇ ਚੱਲਦਿਆਂ ਭਾਰਤ ਸਰਕਾਰ ਦੇ ਪ੍ਰਾਜੈਕਟਾਂ ਨੂੰ ਸੂਬੇ ਵਿੱਚ ਲਾਗੂ ਕਰਨ ਵਿਚ ਆ ਰਹੀਆਂ ਦਿੱਕਤਾਂ ਬਾਰੇ ਵੀ ਚਰਚਾ ਕੀਤੀ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਕਾਂਗਰਸ ਦੀ ਹਕੂਮਤ ਵਾਲੇ ਸੂਬਿਆਂ ਵਿਚ ਪਾਰਟੀ ਅਤੇ ਸਰਕਾਰ ਵਿਚ ਬਿਹਤਰ ਤਾਲਮੇਲ ਦਾ ਮੁੱਦਾ ਵੀ ਵਿਚਾਰਿਆ ਗਿਆ। ਉਨਾਂ ਅੱਗੇ ਕਿਹਾ ਕਿ ਉਨਾਂ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਸਰਕਾਰ ਲੋਕਾਂ ਦੇ ਚੁਣੇ ਪ੍ਰਤੀਨਿਧੀਆਂ ਦੇ ਸਲਾਹ ਮਸ਼ਵਰੇ ਕੰਮ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਸਕਣ। ਵਿਧਾਇਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਗਾਤਾਰ ਫੀਡਬੈਕ ਦਿੱਤੀ ਜਾ ਰਹੀ ਹੈ ਤਾਂ ਜੋ ਪ੍ਰਸ਼ਾਸਨ ਅਤੇ ਲੋਕਾਂ ਦਰਮਿਆਨ ਸੁਚੱਜਾ ਤਾਲਮੇਲ ਬਣ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ।ਪੰਜਾਬ ਦੇ ਮੁੱਖ ਮੰਤਰੀ ਨੇ ਇਸ ਸਮੀਖਿਆ ਮੀਟਿੰਗ ਨੂੰ ਬੇਹੱਦ ਉਸਾਰੂ ਦੱਸਦਿਆਂ ਕਾਂਗਰਸ ਦੀ ਸੱਤਾ ਵਾਲੇ ਸੂਬਿਆਂ ਵਿਚ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਕਹੀ। ਉਨਾਂ ਕਿਹਾ ਕਿ ਉਨਾਂ ਦੇ ਪਹਿਲੇ ਕਾਰਜਕਾਲ ਦੌਰਾਨ ਵੀ ਉਹ ਸੋਨੀਆ ਗਾਂਧੀ ਨਾਲ ਅਜਿਹੀਆਂ ਸਮੀਖਿਆ ਮੀਟਿੰਗਾਂ ਕਰਦੇ ਰਹਿੰਦੇ ਸਨ।