December 8, 2024
#ਪੰਜਾਬ #ਭਾਰਤੀ ਡਾਇਸਪੋਰਾ

ਕੌਮਾਂਤਰੀ ਨਗਰ ਕੀਰਤਨ ਖਾਮਗਾਉਂ ਤੋਂ ਅਗਲੇ ਪੜਾਅ ਲਈ ਰਵਾਨਾ

ਮੁਸਲਮਾਨ ਭਾਈਚਾਰੇ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਮਗਾਉਂ ਤੋਂ ਅਗਲੇ ਪੜਅ ਨਾਗਪੁਰ ਲਈ ਰਵਾਨਾ ਹੋ ਗਿਆ ਹੈ। ਇਥੇ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ। ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵਿਚਾਰਾਂ ਹੋਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਸਥਾਨਕ ਗੁਰਦੁਆਰਾ ਪ੍ਰਬੰਧਕਾਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਮੁਸਲਮਾਨ ਭਾਈਚਾਰੇ ਵੱਲੋਂ ਹਾਜੀ ਇਸਤੀਹਕ ਅਲੀ ਅਕੋਲਾ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਮੁਸਲਮਾਨ ਭਾਈਚਾਰੇ ਵੱਲੋਂ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਸਾਂਝੇ ਰਹਿਬਰ ਹਨ ਅਤੇ ਉਨ੍ਹਾਂ ਦੇ ਉਪਦੇਸ਼ ਸਭ ਧਰਮਾਂ ਲਈ ਇਕਸਾਰ ਹਨ। ਨਗਰ ਕੀਰਤਨ ‘ਚ ਸ਼ਾਮਲ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸੰਗਤਾਂ ਅੰਦਰ ਨਗਰ ਕੀਰਤਨ ਪ੍ਰਤੀ ਭਾਰੀ ਉਤਸ਼ਾਹ ਹੈ ਅਤੇ ਇਸ ਸਿੱਖ ਸੰਗਤਾਂ ਤੋਂ ਇਲਾਵਾ ਵੱਖ-ਵੱਖ ਧਰਮਾਂ ਦੇ ਲੋਕ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਵੱਲੋਂ ਸਵਾਗਤੀ ਗੇਟ ਬਣਾਏ ਗਏ ਹਨ, ਲੰਗਰ ਲਗਾਏ ਗਏ ਹਨ। ਇਸ ਤੋਂ ਇਲਾਵਾ ਸੰਗਤਾਂ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਵੱਖ-ਵੱਖ ਥਾਵਾਂ ‘ਤੇ ਸਿਰੋਪਾਓ ਭੇਟ ਕਰਕੇ ਸਤਿਕਾਰ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰ ਥਾਂ ‘ਤੇ ਸੰਗਤਾਂ ਦੀ ਗਿਣਤੀ ਹਜ਼ਾਰਾਂ ਵਿਚ ਹੈ ਅਤੇ ਇਹ ਉਤਸ਼ਾਹ ਨਿਰੰਤਰ ਵਧਦਾ ਜਾ ਰਿਹਾ ਹੈ। ਇਥੋਂ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਨਰਿੰਦਰ ਸਿੰਘ, ਸਿੱਖ ਆਗੂ ਸ. ਜਸਵੰਤ ਸਿੰਘ, ਸ. ਕੁਲਦੀਪ ਸਿੰਘ, ਸ. ਰਜਿੰਦਰ ਸਿੰਘ ਕੜਿਆਲ, ਸ. ਚਰਨ ਸਿੰਘ ਛਾਬੜਾ ਤੋਂ ਇਲਾਵਾ ਨਗਰ ਕੀਰਤਨ ਦੇ ਪ੍ਰਬੰਧ ਵਿਚ ਸ਼ਾਮਲ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਪਰਮਜੀਤ ਸਿੰਘ, ਸੁਪਰਵਾਈਜ਼ਰ ਸ. ਰਜਵੰਤ ਸਿੰਘ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸ. ਬਖ਼ਸ਼ੀਸ਼ ਸਿੰਘ, ਸ. ਗੁਰਲਾਲ ਸਿੰਘ ਆਦਿ ਮੌਜੂਦ ਸਨ।।