ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਸਾੜਣ ਦਾ ਗੈਰ-ਸਿਹਤਮੰਦ ਰੁਝਾਨ ਤਿਆਗਣ ਦੀ ਅਪੀਲ
ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਸੰਦੇਸ਼ ਅਪਨਾਉਣ ਦਾ ਸੱਦਾ
ਚੰਡੀਗੜ੍ਹ – ਕਿਸਾਨਾਂ ਨੂੰ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦੇ ਸਤਿਕਾਰ ਵਿੱਚ ਗੁਰੂ ਸਾਹਿਬ ਵੱਲੋਂ ਬੇਸ਼ਕੀਮਤੀ ਕੁਦਰਤੀ ਵਸੀਲਿਆਂ ਦੀ ਸੰਭਾਲ ਬਾਰੇ ਦਿੱਤੇ ਸੰਦੇਸ਼ ਨੂੰ ਅਪਨਾਉਣ ਦਾ ਸੱਦਾ ਦਿੱਤਾ ਹੈ।ਝੋਨੇ ਦੀ ਪਰਾਲੀ ਸਾੜਨ ਨਾਲ ਮਿੱਟੀ, ਕੁਦਰਤੀ ਵਾਤਾਵਰਣ ਅਤੇ ਮਨੁੱਖੀ ਸਿਹਤ ’ਤੇ ਪੈਂਦੇ ਮਾਰੂ ਪ੍ਰਭਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਨਗਰ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਹਫ਼ਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਵੀ ਕਿਸਾਨਾਂ ਨੂੰ ਕੁਦਰਤੀ ਵਸੀਲਿਆਂ ਦੀ ਸੰਭਾਲ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਅਪਣਾ ਕੇ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਦੀ ਅਪੀਲ ਕੀਤੀ।ਪਰਾਲੀ ਸਾੜਣ ਦੇ ਮਾਰੂ ਨਤੀਜਿਆਂ ਦਾ ਜ਼ਿਕਰ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਪ੍ਰਤੀ ਹੈਕਟੇਅਰ 30 ਕਿਲੋ ਨਾਈਟ੍ਰੋਜਨ, 13.8 ਕਿਲੋ ਫਾਸਫੋਰਸ, 30 ਕਿਲੋ ਪੋਟਾਸ਼, 6.48 ਕਿਲੋ ਸਲਫਰ ਅਤੇ 2400 ਕਿਲੋ ਕਾਰਬਨ ਸੜ ਕੇ ਤਬਾਹ ਹੋ ਜਾਣ ਅਤੇ ਮਿੱਤਰ ਕੀੜਿਆਂ ਦੇ ਮਾਰੇ ਜਾਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ।ਇਸੇ ਦੌਰਾਨ ਸ੍ਰੀ ਪੰਨੂੰ ਨੇ ਹਾਲ ਹੀ ਵਿੱਚ ਨਵੀਂ ਦਿੱਲੀ ਵਿਖੇ ਹੋਈ ਕੌਮੀ ਕਾਨਫਰੰਸ ਮੌਕੇ ਭਾਰਤ ਸਰਕਾਰ ਵੱਲੋਂ ਫਸਲ ਦੀ ਰਹਿੰਦ-ਖੂੰਹਦ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਸਨਮਾਨਿਤ ਕੀਤੇ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਬਾਕੀ ਸਾਰੇ ਕਿਸਾਨਾਂ ਵੀ ਨਿਵੇਕਲੀ ਪਹੁੰਚ ਰੱਖਣ ਵਾਲੇ ਇਨ੍ਹਾਂ ਕਿਸਾਨਾਂ ਦੇ ਨਕਸ਼ੇ ਕਦਮਾਂ ’ਤੇ ਚੱਲਣ ਦਾ ਸੱਦਾ ਦਿੱਤਾ ਤਾਂ ਕਿ ਪੰਜਾਬ ਨੂੰ ‘ਪਰਾਲੀ ਸਾੜਨ ਦੀ ਸਮੱਸਿਆ ਤੋਂ ਮੁਕਤ ਸੂਬਾ’ ਬਣਾਇਆ ਜਾ ਸਕੇ।ਸ੍ਰੀ ਪੰਨੂੰ ਨੇ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਬਾਰੇ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਕਿਸਾਨਾਂ ਨੂੰ 274 ਕਰੋੜ ਰੁਪਏ ਦੀ ਸਬਸਿਡੀ ’ਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਲਗਪਗ 28000 ਮਸ਼ੀਨਾਂ/ਖੇਤੀ ਸੰਦ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ 50 ਤੋਂ 80 ਫੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਪਿਛਲੇ ਸਾਲ ਵੀ ਕਿਸਾਨਾਂ ਨੂੰ 269 ਕਰੋੜ ਦੀ ਸਬਸਿਡੀ ਨਾਲ ਅਜਿਹੀਆਂ 28000 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਅਤੇ ਸਰਕਾਰ ਦੇ ਠੋਸ ਯਤਨਾਂ ਸਦਕਾ ਸਾਕਾਰਤਮਕ ਨਤੀਜੇ ਸਾਹਮਣੇ ਆਏ ਹਨ ਜਿਸ ਦਾ ਪ੍ਰਮਾਣ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਣ ਦੇ ਰਵਾਇਤੀ ਚੱਕਰ ’ਚੋਂ ਨਿਕਲ ਕੇ ਫਸਲਾਂ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ ਦੇ ਰਸਤੇ ਨੂੰ ਅਪਨਾਉਣ ਤੋਂ ਮਿਲਦਾ ਹੈ।