September 4, 2024
#ਪੰਜਾਬ #ਭਾਰਤੀ ਡਾਇਸਪੋਰਾ

ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਜਥਾ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਨਾਲ ਸੇਵਾ ਨਿਭਾਉਣ ਲਈ ਬਦਲਵੇਂ ਪ੍ਰਬੰਧਾਂ ਤਹਿਤ ਮੁਲਾਜ਼ਮਾਂ ਦਾ ਜਥਾ ਰਵਾਨਾ ਕੀਤਾ ਗਿਆ। ਇਹ ਜਥਾ ਮੁੰਬਈ ਤੋਂ ਅੱਗੇ ਨਗਰ ਕੀਰਤਨ ਨਾਲ ਸੇਵਾਵਾਂ ਨਿਭਾਵੇਗਾ। ਜਥਾ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸਫ਼ਲਤਾ ਸਹਿਤ ਅਗਲੇ ਪੜਾਵਾਂ ਵੱਲ ਵੱਧ ਰਿਹਾ ਹੈ। ਨਗਰ ਕੀਰਤਨ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਬਦਲਵੇਂ ਪ੍ਰਬੰਧਾਂ ਤਹਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਜਾ ਰਹੀ ਹੈ, ਜਿਸ ਤਹਿਤ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ ਦੀ ਅਗਵਾਈ ਵਿਚ 80 ਮੁਲਾਜਮ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਤਨਦੇਹੀ ਨਾਲ ਹਿੱਸਾ ਪਾ ਰਹੇ ਹਨ। ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸਤਿੰਦਰ ਸਿੰਘ, ਇੰਚਾਰਜ ਸ. ਪਲਵਿੰਦਰ ਸਿੰਘ ਇੰਚਾਰਜ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਸ. ਸੁਖਬੀਰ ਸਿੰਘ, ਸ. ਅਜੀਤ ਸਿੰਘ ਅਤੇ ਹੋਰ ਮੌਜੂਦ ਸਨ।