ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਜਜ਼ੀਆ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਮੰਗ ਦੁਹਰਾਈ
ਮੁੱਖ ਮੰਤਰੀ ਨੇ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਕੰਮ 30 ਅਕਤੂਬਰ ਤੱਕ ਮੁਕੰਮਲ ਹੋਣ ਵਿਸ਼ਵਾਸ ਪ੍ਰਗਟਾਇਆ
ਡੇਰਾ ਬਾਬਾ ਨਾਨਕ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਾਕਿਸਤਾਨ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ’ਤੇ ਸਰਵਿਸ ਚਾਰਜ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਮੰਗ ਦੁਹਰਾਉਦਿਆਂ ਇਸ ਦੀ ਤੁਲਨਾ ਮੁਗਲ ਕਾਲ ਦੌਰਾਨ ਮੁਸਲਿਸ ਦੇਸ਼ਾਂ ਵਿੱਚ ਗੈਰ-ਮੁਸਲਿਮਾਂ ਉਤੇ ਲਾਏ ਜਾਂਦੇ ਜਜ਼ੀਆ ਟੈਕਸ ਨਾਲ ਕੀਤੀ।ਮੁੱਖ ਮੰਤਰੀ ਨੇ ਬਾਦਸ਼ਾਹ ਅਕਬਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਵਿਵਾਦਿਤ ਟੈਕਸ ਨੂੰ ਖਤਮ ਕਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਉਤੇ 20 ਡਾਲਰ ਸਰਵਿਸ ਚਾਰਜ ਲਾਉਣ ਦੇ ਪ੍ਰਸਤਾਵ ਨੂੰ ਸਿੱਖ ਫਲਸਫੇ ਦੀ ਮੂਲ ਭਾਵਨਾ ਦੇ ਖਿਲਾਫ ਹੈ ਜਿਸ ਵਿੱਚ ਵੰਡ ਤੋਂ ਬਾਅਦ ਪਾਕਿਸਤਾਨ ਵਿੱਚ ਰਹਿ ਗਏ ਗੁਰਧਾਮਾਂ ਦੇ ਖੁੱਲੇ ਦਰਸ਼ਨ ਦੀਦਾਰ ਕਰਨ ਦੀ ਅਰਦਾਸ ਕੀਤੀ ਜਾਂਦੀ ਹੈ।ਡੇਰਾ ਬਾਬਾ ਨਾਨਕ ਜਿੱਥੇ ਉਹ ਕਰਤਾਰਪੁਰ ਲਾਂਘੇ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਸਨ, ਵਿਖੇ ਮੀਡੀਆ ਕਰਮੀਆਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕਰ ਚੁੱਕੇ ਹਨ ਕਿ ਉਹ ਪਾਕਿਸਤਾਨ ਉਤੇ ਇਸ ਪ੍ਰਸਤਾਵਿਤ ਸਰਵਿਸ ਚਾਰਜ ਨੂੰ ਵਾਪਸ ਲੈਣ ਲਈ ਦਬਾਅ ਪਾਉਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਸੁਝਾਅ ਦਿੱਤਾ ਸੀ ਕਿ ਵਿਦੇਸ਼ ਮੰਤਰਾਲਾ ਦੁਵੱਲੀ ਮੀਟਿੰਗ ਵਿੱਚ ਇਸ ਦੇ ਜਲਦ ਹੱਲ ਦਾ ਮਾਮਲਾ ਚੁੱਕੇ।ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਕੰਮ 30 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਇਸ ਦੇ ਨਾਲ ਹੀ ਉਨਾਂ ਨੇ ਪਾਕਿਸਤਾਨ ਵਾਲੇ ਪਾਸੇ ਵਿਕਾਸ ਦੀ ਗਤੀ ’ਤੇ ਚਿੰਤਾ ਜ਼ਾਹਰ ਕੀਤੀ। ਲਾਂਘੇ ਨਾਲ ਸੁਰੱਖਿਆ ਚੁਣੌਤੀ ਪੈਦਾ ਹੋਣ ਬਾਰੇ ਸਵਾਲ ਦੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਨਿਰੰਤਰ ਚੌਕਸੀ ਰੱਖਣ ਦੀ ਲੋੜ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਖਰੇਵਿਆਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਚੱਲ ਰਹੀ ਹੈ ਅਤੇ ਉਨਾਂ ਦੇ ਕੈਬਨਿਟ ਸਾਥੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਰੇ ਮਸਲਿਆਂ ਨੂੰ ਸੁਖਾਵੇਂ ਢੰਗ ਨਾਲ ਸੁਲਝਾਉਣ ਲਈ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ। ਮੁੱਖ ਮੰਤਰੀ ਨੇ ਇਕ ਵਾਰ ਫੇਰ ਇਸ ਇਤਿਹਾਸਕ ਦਿਹਾੜੇ ਦੀ ਅਹਿਮੀਅਤ ਨੂੰ ਸਨਮੁਖ ਰੱਖਦਿਆਂ ਸੌੜੇ ਸਿਆਸੀ ਹਿੱਤ ਲਾਂਭੇ ਰੱਖ ਕੇ ਇਸ ਨੂੰ ਸਾਂਝੇ ਤੌਰ ’ਤੇ ਮਨਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਪਾਣੀ ਅਤੇ ਹਵਾ ਦੀ ਸੰਭਾਲ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਦੀ ਵੀ ਅਪੀਲ ਕੀਤੀ।ਡੇਰਾ ਬਾਬਾ ਨਾਨਕ ਦੀ ਫੇਰੀ ਨੂੰ ਵਿਸ਼ੇਸ਼ ਮੌਕਾ ਦੱਸਦਿਆਂ ਮੁੱਖ ਮੰਤਰੀ ਨੇ ਸਾਲ 1965 ਦੀ ਭਾਰਤ-ਪਾਕਿ ਜੰਗ ਦੌਰਾਨ ਸਰਹੱਦੀ ਇਲਾਕੇ ’ਚ ਫੌਜ ਵਿੱਚ ਨਿਭਾਈ ਸੇਵਾ ਨੂੰ ਵੀ ਚੇਤੇ ਕੀਤਾ। ਉਨਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਬਹਾਦਰ ਸੈਨਿਕ ਬਾਹਰੀ ਅਤੇ ਅੰਦਰੂਨੀ ਹਮਲਿਆਂ ਤੋਂ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ ਪਰ ਉਨਾਂ ਦੀਆਂ ਲਗਾਤਾਰ ਕੁਰਬਾਨੀਆਂ ਨਾਲ ਬਹੁਤ ਪੀੜਾ ਤੇ ਬੇਚੈਨੀ ਹੁੰਦੀ ਹੈ।ਅੱਜ ਦੀ ਜਾਇਜ਼ਾ ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ ਦੀ ਗੈਰ-ਹਾਜ਼ਰੀ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਤਰੀ ਮੰਡਲ ਦੀ ਜਾਇਜ਼ਾ ਮੀਟਿੰਗ ਹੈ ਅਤੇ ਸ੍ਰੀ ਸਿੱਧੂ ਹੁਣ ਮੰਤਰੀ ਮੰਡਲ ਦਾ ਹਿੱਸਾ ਨਹੀਂ ਹਨ। ਲੋਕ ਇਨਸਾਫ ਪਾਰਟੀ ਸਿਮਰਜੀਤ ਸਿੰਘ ਬੈਂਸ ਵਿਰੁੱਧ ਕੇਸ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮਾਮਲਾ ਅਦਾਲਤ ਅਧੀਨ ਹੋਣ ਕਰਕੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।ਸੋਧੇ ਹੋਏ ਮੋਟਰ ਵਹੀਕਲ ਐਕਟ ਤਹਿਤ ਜੁਰਮਾਨੇ ਵਧਾਉਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਤਮ ਫੈਸਲਾ ਸੂਬਿਆਂ ਦੇ ਸਿਰ ’ਤੇ ਛੱਡ ਦਿੱਤਾ ਗਿਆ ਹੈ ਜਿਸ ਕਰਕੇ ਪੰਜਾਬ ਦੇ ਸਬੰਧਤ ਮੰਤਰੀ ਇਸ ਮਾਮਲੇ ਨੂੰ ਘੋਖ ਰਹੇ ਹਨ।ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਉਚੇਚੇ ਤੌਰ ਉਤੇ ਬੇਰੁਜ਼ਗਾਰਾਂ ਦੀ ਸਮੱਸਿਆਵਾਂ ਦੇ ਹੱਲ ਲਈ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ ਲਗਾਏ ਚਾਰ ਰੋਜ਼ਗਾਰ ਮੇਲਿਆਂ ਵਿੱਚ 9 ਲੱਖ ਨੌਜਵਾਨਾਂ ਨੂੰ ਨੌਕਰੀਆਂ/ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਚੁੱਕੇ ਹਨ ਅਤੇ ਪੰਜਵਾਂ ਰੋਜ਼ਗਾਰ ਮੇਲਾ 30 ਸਤੰਬਰ ਤੱਕ ਵੱਖ-ਵੱਖ ਥਾਂਵਾਂ ਉਤੇ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਦੋ ਲੱਖ ਨੌਕਰੀਆਂ ਦੇ ਮੌਕੇ ਹੋਰ ਪ੍ਰਦਾਨ ਕੀਤੇ ਜਾਣਗੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰੀ ਨੌਕਰੀਆਂ ਦੀਆਂ 19000 ਅਸਾਮੀਆਂ ਪਹਿਲ ਦੇ ਆਧਾਰ ਉਤੇ ਭਰਨ ਦੇ ਹਾਲ ਹੀ ਵਿੱਚ ਹੁਕਮ ਕੀਤੇ ਹਨ।ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਸਰਕਾਰੀ ਹਸਪਤਾਲ ਨੂੰ ਅੱਪਗ੍ਰੇਡ ਕਰਨ ਲਈ ਪਹਿਲਾ ਹੀ 2.50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।ਮੀਡੀਆ ਕਰਮੀਆਂ ਨਾਲ ਜੁੜੇ ਮਾਮਲੇ ਸੰਬੰਧੀ ਪੁੱਛੇ ਜਾਣ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾ ਹੀ ਸਾਰੇ ਮਾਨਤਾ ਪ੍ਰਾਪਤ ਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤਾ ਹੋਇਆ ਹੈ।ਇਸ ਤੋਂ ਪਹਿਲਾ ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨਾਂ ਆਪਣੀ ਡੇਰਾ ਬਾਬਾ ਨਾਨਕ ਫੇਰੀ ਦੌਰਾਨ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਵੀ ਮੱਥਾ ਟੇਕਿਆ।