January 15, 2025
#ਪੰਜਾਬ

ਸਿੱਖਿਆ ਮੰਤਰੀ ਦੀ ਕੋਠੀ ਨੇੜੇ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ-ਹੱਕ ਮੰਗਣ ‘ਤੇ ਮਿਲਿਆ ਪੁਲਿਸ ਦਾ ਤਸ਼ੱਦਦ

ਸ਼ੰਗਰੂਰ – ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰੁਜ਼ਗਾਰ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਦੇ ਚਲਦਿਆਂ ਅੱਜ ਸਹਿਰ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕੀਤਾ ਗਿਆ ਜਿੱਥੇ ਮੌਜੂਦ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਸੰਘਰਸ਼ ਨੂੰ ਠੰਡੇ ਪਾਉਣ ਲਈ ਬੇਰੁਜ਼ਗਾਰ ਈ ਟੀ ਟੀ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਲਾਠੀਚਾਰਜ ਕੀਤਾ ਗਿਆ । ਇਸ ਮੌਕੇ ਹੋਏ ਸਖ਼ਤ ਟਕਰਾਉ ਵਿੱਚ ਅਧਿਅਪਕ ਯੂਨੀਅਨ ਦੇ ਕਈ ਆਗੂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿੰਨਾ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਲਾਠੀਚਾਰਜ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਟਾਈਮਜ਼ ਨਾਲ ਗੱਲ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਜੇਲ੍ਹੀਂ ਭੇਜ, ਲਾਠੀਚਾਰਜ ਕਰਕੇ ਵੀ ਸੰਘਰਸ਼ ਨਹੀਂ ਦਬਾਇਆ ਜਾ ਸਕੇਗਾ। ਵਿਧਾਨ ਸਭਾ-2017 ਵੇਲੇ ‘ਘਰ-ਘਰ ਨੌਕਰੀ’ ਦਾ ਵਾਅਦਾ ਕਰਕੇ ਸੱਤਾ ‘ਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਅਦੇ ਕਰਨ ਤੋਂ ਭੱਜ ਰਹੇ ਹਨ ਅਤੇ ਸਰਕਾਰ ਸੰਘਰਸ਼ ਕਰਦੇ ਲੋਕਾਂ ਨੂੰ ਜ਼ਬਰ ਰਾਹੀਂ ਦਬਾਉਣਾ ਚਾਹੁੰਦੀ ਹੈ। ਟੈੱਸਟ ਪਾਸ ਕਰਕੇ ਵੀ ਉਮੀਦਵਾਰ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ। ਉਹਨਾਂ ਕਿਹਾ ਕਿ ਦੋਵੇਂ ਜਥੇਬੰਦੀਆਂ ਪਿਛਲੇ ਦੋ ਹਫ਼ਤਿਆਂ ਤੋਂ ਸੰਗਰੂਰ ਪੱਕੇ ਧਰਨੇ ‘ਤੇ ਬੈਠੀਆਂ ਹਨ, ਪਰ ਪੰਜਾਬ ਸਰਕਾਰ ਨੇ ਉਹਨਾਂ ਦੀ ਕੋਈ ਸਾਰ ਨਹੀਂ ਲਈ। ਆਗੂਆਂ ਨੇ ਕਿਹਾ ਕਿ ਨਵੀਂ ਭਰਤੀ ਕਰਨ ਤੋਂ ਟਾਲਾ ਵੱਟਦਿਆਂ ਇੱਕ ਪਾਸੇ ਖਾਲੀ ਖਜ਼ਾਨੇ ਦੀ ਦੁਹਾਈ ਪਾਈ ਜਾ ਰਹੀ ਹੈ, ਦੂਜੇ ਪਾਸੇ ਹਾਕਮ ਆਪਣੇ ਵਿਧਾਇਕਾਂ, ਮੰਤਰੀਆਂ ਦੀਆਂ ਸਹੂਲਤਾਂ ਲਈ ਖਜਾਨੇ ਨੱਕੋ ਨੱਕ ਭਰੇ ਪਏ ਹਨ। ਪੰਜਾਬ ਸਰਕਾਰ ਦਾ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਕਰਨਾ ਨਾਦਰਸ਼ਾਹੀ ਫੁਰਮਾਨ ਕੋਈ ਪਹਿਲਾ ਨਹੀਂ ਹੈ,ਸੰਘਰਸ਼ਸ਼ੀਲ ਲੋਕਾਂ ਨੇ ਸਰਕਾਰਾਂ ਨੂੰ ਆਪਣੇ ਲੋਕ ਵਿਰੋਧੀ ਫੈਸਲਿਆਂ ਨੂੰ ਇੱਕ ਵਾਰ ਨਹੀਂ ਅਨੇਕਾਂ ਵਾਰ ਥੁੱਕਕੇ ਚੱਟਣ ਲਈ ਮਜਬੂਰ ਕੀਤਾ ਹੈ।