Skip to content

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਦਾ ਸੱਦਾ ਪ੍ਰਵਾਨ

Share this story

ਡਾ. ਮਨਮੋਹਨ ਸਿੰਘ ਵੱਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਵ ਪਾਰਟੀ ਜੱਥੇ ‘ਚ ਸ਼ਮੂਲੀਅਤ ਲਈ ਸਹਿਮਤੀ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇਤਿਹਾਸਕ ਦਿਹਾੜੇ ਦੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦਿੱਤਾ। ਦੋ ਵੱਖੋ-ਵੱਖਰੀਆਂ ਮਿਲਣੀਆਂ ਵਿੱਚ ਮੁੱਖ ਮੰਤਰੀ ਨੇ ਦੋਵਾਂ ਸਖਸ਼ੀਅਤਾਂ ਨੂੰ ਸੱਦਾ ਦਿੰਦਿਆਂ ਇਨ੍ਹਾਂ ਵੱਡੇ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਸ਼ਾਮਲ ਹੋਣ ਦੇ ਸੱਦਾ ਪੱਤਰ ਨੂੰ ਸਵਿਕਾਰ ਕਰ ਲਿਆ ਅਤੇ ਉਨ੍ਹਾਂ ਦੇ ਦੌਰੇ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਪਾਕਿਸਤਾਨ ਵਾਲੇ ਪਾਸਿਓ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਉਦਘਾਟਨੀ ਪ੍ਰੋਗਰਾਮ ਨੂੰ ਤੈਅ ਕਰਨ ਤੋਂ ਬਾਅਦ ਦਿੱਤਾ ਜਾਵੇਗਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਸਮਾਗਮਾਂ ਦਾ ਵਿਸਥਾਰਤ ਅਧਿਕਾਰਤ ਪ੍ਰੋਗਰਾਮ ਸਾਂਝਾ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਕਿ ਉਹ ਆਪਣੇ ਰੁਝੇਵਿਆਂ ਅਨੁਸਾਰ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੋਵਾਂ ਨੂੰ ਬੇਨਤੀ ਕੀਤੀ ਕਿ ਉਹ ਵਿਸ਼ੇਸ਼ ਤੌਰ ‘ਤੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਉਦਘਾਟਨੀ ਸਮਾਗਮ ਅਤੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਜ਼ਰੂਰ ਸ਼ਾਮਲ ਹੋਣ। ਮੁੱਖ ਮੰਤਰੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਸਰਵ ਪਾਰਟੀ ਜੱਥੇ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ। ਮੁੱਖ ਮੰਤਰੀ ਜੋ ਜੱਥੇ ਦੀ ਅਗਵਾਈ ਕਰ ਰਹੇ ਹਨ, ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵਿਕਾਰ ਕਰ ਲਈ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਬੇਨਤੀ ਕੀਤੀ ਕਿ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਹੁਣ ਪਾਕਿਸਤਾਨ) ਜਾਣ ਵਾਲੇ ਵਿਸ਼ੇਸ਼ ਸਰਵ ਪਾਰਟੀ ਜੱਥੇ ਨੂੰ ਰਾਜਸੀ ਮਨਜ਼ੂਰੀ ਦਿਵਾਉਣ ਲਈ ਨਿੱਜੀ ਤੌਰ ‘ਤੇ ਦਖਲ ਦੇਣ। ਉਨ੍ਹਾਂ ਬੇਨਤੀ ਕੀਤੀ ਕਿ 30 ਅਕਤੂਬਰ ਤੋਂ 3 ਨਵੰਬਰ 2019 ਤੱਕ 21 ਵਿਅਕਤੀਆਂ ਦੇ ਜੱਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਅਤੇ ਸ੍ਰੀ ਨਨਕਾਣਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਵਾਇਆ ਅੰਮ੍ਰਿਤਸਰ (ਵਾਹਗਾ) ਨਗਰ ਕੀਰਤਨ ਲਿਜਾਣ ਦੀ ਆਗਿਆ ਦਿੱਤੀ ਜਾਵੇ। ਨਗਰ ਕੀਰਤਨ 4 ਨਵੰਬਰ ਨੂੰ ਸੁਲਤਾਨਪੁਰ ਲੋਧੀ ਪੁੱਜੇਗਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨੂੰ ਵੀ ਅਰਧ ਸਰਕਾਰੀ ਪੱਤਰ ਲਿਖਦਿਆਂ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜੱਥੇ ਨੂੰ ਰਸਮੀ ਤੌਰ ‘ਤੇ ਪ੍ਰਵਾਨਗੀ ਦਿਵਾਉਣ ਦੀ ਮੰਗ ਕੀਤੀ ਅਤੇ ਨਗਰ ਕੀਰਤਨ ਨੂੰ ਪਾਕਿਸਤਾਨ ਤੋਂ ਪੰਜਾਬ ਲਿਆਉਣ ਦੀ ਮਨਜ਼ੂਰੀ ਦਿੱਤੀ ਜਾਵੇ। ਸੂਬਾ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ 5 ਤੋਂ 15 ਨਵੰਬਰ 2019 ਤੱਕ ਉਲੀਕੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਸੰਗਤ ਦੀ ਸੰਖੇਪ ਜਨਤਕ ਸਭਾ ਉਪਰੰਤ ਸਮਾਗਮ ਨੂੰ ਹਰੀ ਝੰਡੀ ਦਿੱਤੀ ਜਾਵੇਗੀ ਜਿਵੇਂ ਕਿ ਪਿੱਛੇ ਹੁੰਦਿਆਂ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 1 ਨਵੰਬਰ 2019 ਨੂੰ ਸੁਲਤਾਨਪੁਰ ਲੋਧੀ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਰਵ ਭਾਰਤੀ ਮੀਟਿੰਗ ਕਰਵਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਇਸ ਸਭਾ ਲਈ ਆਉਣ ਵਾਲੇ ਸਾਰੇ ਸ਼ਰਧਾਲੂਆਂ/ਸੰਗਤ ਦੇ ਠਹਿਰਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਇੰਤਜ਼ਾਮ ਸੂਬਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਤਰਫੋਂ ਦੋਵਾਂ ਨੂੰ ਨਿੱਘਾ ਸੱਦਾ ਪੱਤਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਯਾਦਗਾਰੀ ਤਜ਼ਰਬਾ ਹਾਸਲ ਕਰਨ।

Share this story
WRITTEN BY

BREAKING