Skip to content

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਤਰਾਵੜੀ ਤੋਂ ਰਵਾਨਗੀ ਸਮੇਂ ਜੁੜਿਆ ਸੰਗਤ ਦਾ ਠਾਠਾਂ ਮਾਰਦਾ ਇਕੱਠ

Share this story

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਤੋਂ ਅੱਗੇ ਰਵਾਨਗੀ ਸਮੇਂ ਸੰਗਤ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਥੇ ਸਥਾਨਕ ਸੰਗਤ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੀ ਹਜ਼ਾਰਾਂ ਸੰਗਤਾਂ ਪੁੱਜੀਆਂ ਹੋਈਆਂ ਸਨ। ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ ਚੱਲ ਰਹੇ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ ਬੀਤੀ ਰਾਤ 1:00 ਵਜੇ ਦੇ ਕਰੀਬ ਤਰਾਵੜੀ ਵਿਖੇ ਨਗਰ ਕੀਰਤਨ ਪੁੱਜਾ, ਜਿਥੇ ਲੰਮੇ ਸਮੇਂ ਤੋਂ ਉਡੀਕ ਕਰ ਰਹੀਆਂ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਸਵਾਗਤ ਕਰਨ ਵਾਲੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਭਜਨ ਸਿੰਘ ਮਸਾਣਾ, ਸ. ਹਰਦੀਪ ਸਿੰਘ ਲਾਗਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸੇ ਦੌਰਾਨ ਤਰਾਵੜੀ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ ਕੁਰੂਕਸ਼ੇਤਰ ਲਈ ਰਵਾਨਗੀ ਸਮੇਂ ਸਜਾਏ ਗਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ, ਕਥਾਵਾਚਕਾਂ ਤੇ ਪ੍ਰਚਾਰਕਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ। ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਖ਼ਾਲਸਈ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਤਰਾਵੜੀ ਤੋਂ ਚੱਲਣ ਸਮੇਂ ਮਾਹੌਲ ਦੇਖਣਯੋਗ ਸੀ। ਇਸ ਮੌਕੇ ਬਾਬਾ ਜੋਗਾ ਸਿੰਘ, ਸ. ਪ੍ਰਤਾਪ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ, ਸ. ਪਰਮਜੀਤ ਸਿੰਘ, ਸ. ਸੁਖਦੇਵ ਸਿੰਘ ਮੈਨੇਜਰ ਪੰਜੋਖਰਾ ਸਾਹਿਬ ਆਦਿ ਮੌਜੂਦ ਸਨ। ਸ. ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ ਹਰਿਆਣਾ ਰਾਜ ਅੰਦਰ ਨਗਰ ਕੀਰਤਨ ਪ੍ਰਤੀ ਸੰਗਤਾਂ ਦਾ ਭਾਰੀ ਉਤਸ਼ਾਹ ਹੈ ਅਤੇ ਨਗਰ ਕੀਰਤਨ ਦੇ ਮਾਰਗ ’ਤੇ ਸਵਾਗਤੀ ਗੇਟ, ਸੁੰਦਰ ਲੜੀਆਂ ਆਦਿ ਖਿੱਚ ਦਾ ਕੇਂਦਰ ਸਨ। ਉਨ੍ਹਾਂ ਦੱਸਿਆ ਕਿ ਥਾਂ-ਥਾਂ ਸੰਗਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਸੇਵਾ ਕੀਤੀ ਗਈ।

Share this story
WRITTEN BY

BREAKING