ਕੇਂਦਰ ਸਰਕਾਰ ਵਲੋਂ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ, ਮਹਿੰਗਾਈ ਭੱਤੇ ਵਿੱਚ 5 ਫੀਸਦੀ ਵਾਧਾ
ਨਵੀਂ ਦਿੱਲੀ – ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ| ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 5 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ| ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਹ ਵਾਧਾ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਹੋ ਗਿਆ ਹੈ| ਜਿਕਰਯੋਗ ਹੈ ਕਿ ਮੌਜੂਦਾ ਸਮੇਂ ਵਿੱਚ ਸਰਕਾਰੀ ਕਰਮਚਾਰੀਆਂ ਨੂੰ 12 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ| ਮੋਦੀ ਸਰਕਾਰ ਦੇ ਇਸ ਫੈਸਲੇ ਨਾਲ 50 ਲੱਖ ਕੇਂਦਰੀ ਕਰਮਚਾਰੀਆਂ ਤੇ 62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ| ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ਤੇ 16 ਹਜ਼ਾਰ ਕਰੋੜ ਦਾ ਬੋਝ ਪਵੇਗਾ| ਜਿਕਰਯੋਗ ਹੈ ਕਿ ਇਸੇ ਸਾਲ ਫਰਵਰੀ ਵਿੱਚ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 9 ਫੀਸਦੀ ਤੋਂ ਵਧਾ ਕੇ 12 ਫੀਸਦੀ ਕੀਤਾ ਸੀ ਤੇ ਹੁਣ ਇਸ ਵਿੱਚ 5 ਫੀਸਦੀ ਦਾ ਹੋਰ ਇਜ਼ਾਫਾ ਕਰ ਦਿੱਤਾ ਗਿਆ ਹੈ|






