Skip to content

ਪਰਾਲੀ ਦੇ ਪ੍ਰਬੰਧਨ ਲਈ ਨਵੇਂ ਢੰਗਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ: ਅਗਰਵਾਲ

Share this story

ਅੰਮ੍ਰਿਤਸਰ – ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਸਾਬਾਸ਼ ਦੇਣ ਲਈ ਪ੍ਰਿੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸ੍ਰੀ ਅਨੁਰਾਗ ਅਗਰਵਾਲ ਅੱਜ ਕਿਸਾਨਾਂ ਦੇ ਖੇਤਾਂ ਤੱਕ ਪੁੱਜੇ। ਸ੍ਰੀ ਅਗਰਵਾਲ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਅਤੇ ਮੁੱਖ ਖੇਤੀਬਾੜੀ ਅਫਸਰ ਦੇ ਨਾਲ ਪਿੰਡ ਮੱਲੂ ਨੰਗਲ ਬਲਾਕ ਹਰਸ਼ਾ ਛੀਨਾ ਅਤੇ ਮਜੀਠਾ ਬਲਾਕ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨਾਂ ਨੇ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਨੂੰ ਦੇਖਿਆ। ਸ੍ਰੀ ਅਗਰਵਾਲ ਨੇ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਦੀ ਹੌਸਲਾ ਅਫਜਾਈ ਕੀਤੀ। ਉਨਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਦਿੱਤੀ ਗਈ ਸਟਰਾਅ ਮੈਨੇਜਮੈਂਟ ਸਬੰਧੀ ਮਸ਼ੀਨਰੀ ਦਾ ਖੇਤਾਂ ਵਿੱਚ ਜਾ ਮੁਆਇਨਾ ਕੀਤਾ। ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਟਰਾਅ ਮੈਨੇਜਮੈਂਟ ਸਬੰਧੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਜਮੀਨ ਵਿੱਚ ਹੀ ਮਿਲਾਇਆ ਜਾਵੇ ਤਾਂ ਜੋ ਅੱਗੇ ਲੱਗਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ ਤਾਂ ਜੋ ਫਸਲਾਂ ਦਾ ਵਧੇਰੇ ਝਾੜ ਪ੍ਰਾਪਤ ਕਰਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਦਮ ਚੁੱਕਦਿਆਂ ਬੀਤੀ ਸ਼ਾਮ ਸ੍ਰੀ ਅਨੁਰਾਗ ਅਗਰਵਾਲ ਪ੍ਰਿੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਿਲਾ ਅਧਿਕਾਰੀਆਂ ਨਾਲ ਝੋਨੇ ਦੀ ਪਰਾਲੀ ਨਾ ਸਾੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਮੁੱਦੇ ‘ਤੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਅਧਿਕਾਰੀਆਂ ਤੋਂ ਇਲਾਵਾ ਕਿਸਾਨ ਆਗੂਆਂ ਨੇ ਵੀ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਨਵੇਂ ਢੰਗਾਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਸਬਸਿਡੀ ਤੇ ਸੰਦ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਪਰਾਲੀ ਨੂੰ ਸਾੜਣ ਨਾਲ ਕਈ ਤਰਾਂ ਦੀਆਂ ਭਿਆਨਕ ਬਿਮਾਰੀਆਂ ਪੈਦਾ ਹੋ ਰਹੀਆਂ ਹਨ ਜਿਸ ਨਾਲ ਕਈ ਕੀਮਤੀ ਜਾਨਾਂ ਅਜਾਂਈ ਚਲੀਆਂ ਜਾਂਦੀਆਂ ਹਨ। ਸ੍ਰੀ ਅਗਰਵਾਲ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਂਦੀ ਉਨ੍ਹਾਂ ਦੀ ਫਸਲ ਦਾ ਝਾੜ ਵੀ ਵਧੇਰੇ ਹੁੰਦਾ ਹੈ ਅਤੇ ਪੈਸਟੀਸਾਈਡ ਦਵਾਈਆਂ ਦੀ ਵਰਤੋਂ ਵੀ ਘੱਟ ਹੁੰਦੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਹਰੇਕ ਬਲਾਕ ਦੇ ਦੋ ਪਿੰਡਾਂ ਦੀ ਸ਼ਨਾਖਤ ਕੀਤੀ ਜਾਵੇ ਜਿਸ ਨੂੰ ਬਿਨਾਂ ਅੱਗ ਲਗਾਏ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿਚ ਸਹਾਇਤਾ ਕਰਨ ਲਈ ਜਲਦੀ ਤੋਂ ਜਲਦੀ ਸੰਦ ਮੁਹੱਈਆ ਕਰਵਾਏ ਜਾਣ। ਇਸ ਮੀਟਿੰਗ ਵਿੱਚ ਸ੍ਰੀ ਵਿਕਾਸ ਹੀਰਾ, ਸ੍ਰੀ ਸ਼ਿਵਰਾਜ ਸਿੰਘ ਬੱਲ, ਸ੍ਰੀ ਦੀਪਕ ਭਾਟੀਆ, ਸ੍ਰੀਮਤੀ ਸੁਮਿਤ ਮੁਦ ਸਾਰੇ ਐਸ:ਡੀ: ਐਮਜ਼, ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸ੍ਰ ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕੇਸ਼ ਕੁਮਾਰ ਜ਼ਿਲ੍ਹਾ ਮਾਲ ਅਫਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Share this story
WRITTEN BY

BREAKING