April 29, 2026
#ਪੰਜਾਬ

ਅਮਨ ਸ਼ਾਂਤੀ ਲਈ ਪੁਲਿਸ ਦੇ ਜਵਾਨਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ : ਆਈ.ਜੀ

59 ਸ਼ਹੀਦ ਪੁਲਿਸ ਅਫ਼ਸਰਾਂ ਦੇ ਪਰਿਵਾਰਾਂ ਨੇ ਕੀਤੀ ਸ਼ਮੂਲੀਅਤ
ਬਠਿੰਡਾ – ਸਥਾਨਕ ਪੁਲਿਸ ਲਾਇਨ ਵਿਖੇ ਅੱਜ ਰਾਸ਼ਟਰੀ ਪੁਲਿਸ ਦਿਵਸ ਮਨਾਇਆ ਗਿਆ। ਇਸ ਮੌਕੇ ਆਈ. ਜੀ. ਬਠਿੰਡਾ ਰੇਂਜ਼, ਸ੍ਰੀ ਅਰੁਣ ਕੁਮਾਰ ਮਿੱਤਲ, ਜਿਲ੍ਹਾ ਸੈਸ਼ਨ ਜੱਜ਼ ਬਠਿੰਡਾ ਸ੍ਰੀ ਕਮਲਜੀਤ ਲਾਂਬਾ, ਡਿਪਟੀ ਕਮਿਸ਼ਨਰ ਸੀ੍ਰ ਬੀ.ਸ੍ਰੀਨਿਵਾਸਨ, ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਕੇ ਪੁਲਿਸ ਦੇ ਉਨ੍ਹਾਂ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਲੋਂ ਆਪਣੇ ਫ਼ਰਜਾਂ ਨੂੰ ਅੰਜ਼ਾਮ ਦਿੰਦਿਆਂ ਦੇਸ਼ ਅੰਦਰ ਅਮਨ-ਸ਼ਾਂਤੀ ਦੀ ਬਹਾਲੀ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ। ਇਸ ਮੌਕੇ 59 ਸ਼ਹੀਦ ਪੁਲਿਸ ਅਫ਼ਸਰਾਂ ਦੇ ਪਰਿਵਾਰਾਂ ਵਲੋਂ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਗਮ ਦੌਰਾਨ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ਼ ਸ੍ਰੀ ਅਰੁਣ ਕੁਮਾਰ ਮਿੱਤਲ ਨੇ ਕਿਹਾ ਕਿ ਇਹ ਇਤਿਹਾਸ਼ਕ ਦਿਵਸ ਸਾਨੂੰ ਦੇਸ਼ ਭਰ ਅੰਦਰ ਉਨ੍ਹਾਂ ਅਨੇਕ ਜਾਂਬਾਜ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਬਹਾਦਰੀ ਦੇ ਕਾਰਨਾਮਿਆਂ ਨੂੰ ਯਾਦ ਕਰਾਉਂਦਾ ਹੈ ਜਿਨ੍ਹਾਂ ਨੇ ਦੇਸ਼ ਅਤੇ ਦੇਸ਼ ਵਾਸੀਆਂ ਨੂੰ ਅੰਦਰੂਨੀ ਅਤੇ ਬਾਹਰੀ ਹਮਲਿਆਂ ਤੋਂ ਬਚਾਉਣ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ। ਉਨ੍ਹਾਂ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਮਾਰਗ ਦਰਸ਼ਨ ਲੈਣ। ਸਮਾਗਮ ਦੇ ਅਖ਼ੀਰ ‘ਚ ਆਈ.ਜੀ. ਸ਼੍ਰੀ ਅਰੁਣ ਮਿੱਤਲ ਵੱਲੋਂ ਪਹੁੰਚੇ ਸ਼ਹੀਦ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਵਲੋਂ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਸੀਨੀਅਰ ਅਧਿਕਾਰੀਆਂ ਨੂੰ ਲਿਖਕੇ ਭੇਜਣ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ਜੇਲ੍ਹ ਸੁਪਰਡੈਂਟ ਸ੍ਰੀ ਬਲਬੀਰ ਸਿੰਘ, ਪੰਜਾਬ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਸੇਵਾ ਮੁਕਤ ਪੁਲਿਸ ਅਫ਼ਸਰਾਂ ਤੇ ਪੁਲਿਸ ਕਰਮਚਾਰੀਆਂ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਗਈ।