ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ ਵਾਸ਼ਰੂਮ ਬਲਾਕ ਦੀ ਆਰੰਭਤਾ
ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਰਾਇਲ ਕਿੰਗ ਫਾਊਂਡੇਸ਼ਨ ਵੱਲੋਂ ਕਰਵਾਈ ਗਈ ਹੈ ਸੇਵਾ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੀ ਸੰਗਤ ਲਈ ਸੂਚਨਾ ਕੇਂਦਰ ਦੇ ਨਜ਼ਦੀਕ ਵਾਸ਼ਰੂਮ ਬਲਾਕ ਨੂੰ ਨਵੀਨੀਕਰਨ ਉਪਰੰਤ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੀਨੀਕਰਨ ਦੀ ਇਹ ਸੇਵਾ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਟਰੱਸਟ ਨੂੰ ਸੌਂਪੀ ਗਈ ਸੀ, ਜਿਨ੍ਹਾਂ ਵੱਲੋਂ ਕਲੀਨ ਟਾਇਲਟ ਮਿਸ਼ਨ ਪ੍ਰੋਗਰਾਮ ਅਧੀਨ ਵਾਸ਼ਰੂਮ ਬਲਾਕ ਤਿਆਰ ਕੀਤਾ ਗਿਆ ਹੈ। ਅੱਜ ਉਦਘਾਟਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਰਾਇਲ ਕਿੰਗ ਫਾਊਂਡੇਸ਼ਨ ਦੇ ਨੁਮਾਇੰਦਿਆਂ ਅਤੇ ਸੇਵਾ ਕਰਵਾਉਣ ਵਾਲੇ ਗੁਰੂ ਘਰ ਦੇ ਸ਼ਰਧਾਲੂਆਂ ਨੂੰ ਸਿਰਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਵਾਸ਼ਰੂਮ ਬਲਾਕ ਆਧੁਨਿਕ ਤਕਨੀਕ ਨਾਲ ਤਿਆਰ ਕੀਤਾ ਗਿਆ ਹੈ। ਇਸ ਕਾਰਜ ਵਿਚ ਰਾਇਲ ਕਿੰਗ ਫਾਊਂਡੇਸ਼ਨ ਦੇ ਨਾਲ-ਨਾਲ ਥਾਈਲੈਂਡ ਨਿਵਾਸੀ ਸ. ਦਲਬੀਰ ਸਿੰਘ ਅਤੇ ਸ. ਅਵਤਾਰ ਸਿੰਘ ਨੇ ਨਿਸ਼ਕਾਮ ਸੇਵਾ ਨਿਭਾਈ ਹੈ। ਵਾਸ਼ਰੂਮ ਬਲਾਕ ਵਿਚ ਅੰਗਹੀਣ ਵਿਅਕਤੀਆਂ ਅਤੇ ਛੋਟੇ ਬੱਚਿਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਪਾਣੀ ਦੀ ਬਚਤ ਲਈ ਵਿਸ਼ੇਸ਼ ਕਿਸਮ ਦੀਆਂ ਟੂਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਨੇ ਵਰਤਮਾਨ ਸਮੇਂ ਪਾਣੀ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਤਵੱਜੋਂ ਦੇ ਕੇ ਮਨੁੱਖੀ ਭਲੇ ਨੂੰ ਸਨਮੁਖ ਰੱਖਿਆ ਹੈ। ਡਾ. ਰੂਪ ਸਿੰਘ ਅਨੁਸਾਰ ਫਾਊਂਡੇਸ਼ਨ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਪਖਾਨਿਆਂ ਦੀ ਸਾਫ-ਸਫਾਈ ਲਈ ਪਿਛਲੇ 12 ਸਾਲਾਂ ਤੋਂ ਸੇਵਾ ਕੀਤੀ ਜਾ ਰਹੀ ਹੈ। ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ 2007 ਤੋਂ ਇਨ੍ਹਾਂ ਨੇ ਕਾਰਜ ਆਰੰਭ ਕੀਤਾ ਸੀ, ਜੋ ਨਿਰੰਤਰ ਜਾਰੀ ਹੈ। ਫਾਊਂਡੇਸ਼ਨ ਦੇ ਬਾਵਰਦੀ ਕਰਮਚਾਰੀ 24 ਘੰਟੇ ਸੇਵਾ ਵਿਚ ਹਾਜ਼ਰ ਰਹਿੰਦੇ ਹਨ। ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਮੀਤ ਸਿੰਘ ਬੂਹ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਮਹਿੰਦਰ ਸਿੰਘ ਆਹਲੀ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਮੁਖਤਾਰ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਲਖਬੀਰ ਸਿੰਘ, ਸ. ਜਗਤਾਰ ਸਿੰਘ ਸ਼ਹੂਰਾ, ਸ. ਗੁਰਪ੍ਰੀਤ ਸਿੰਘ, ਐਸ.ਡੀ.ਓ. ਸ. ਸੁਖਜਿੰਦਰ ਸਿੰਘ ਤੇ ਸ. ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।






