April 26, 2026
#ਭਾਰਤ

1984 ਸਿੱਖ ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ

ਨਵੀਂ ਦਿੱਲੀ – ਸੁਪਰੀਮ ਕੋਰਟ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਪਟੀਸ਼ਨ ਤੇ ਸੁਣਵਾਈ ਕਰੇਗਾ| ਕੋਰਟ ਨੇ ਕਿਹਾ ਕਿ ਉਹ ਜ਼ਮਾਨਤ ਪਟੀਸ਼ਨ ਤੇ ਵਿਚਾਰ ਕਰੇਗਾ| ਸੀਨੀਅਰ ਵਕੀਲ ਸ਼ੇਖਰ ਨਾਪਦੇ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਦੀ ਬੈਂਚ ਵਿੱਚ ਸੱਜਣ ਕੁਮਾਰ ਵਲੋਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ| ਸੱਜਣ ਕੁਮਾਰ ਦੇ ਵਕੀਲ ਨੇ ਇਸ ਮਾਮਲੇ ਦੀ ਜਲਦ ਤੋਂ ਜਲਦ ਸੁਣਵਾਈ ਦੀ ਮੰਗ ਕੀਤੀ ਹੈ| ਸੱਜਣ ਕੁਮਾਰ ਨੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ| 73 ਸਾਲਾ ਸੱਜਣ ਨੇ ਜ਼ਮਾਨਤ ਦੀ ਮੰਗ ਕੀਤੀ ਹੈ| ਇਸ ਤੋਂ ਪਹਿਲਾਂ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਨੂੰ ਅਗਸਤ ਮਹੀਨੇ ਵਿੱਚ ਖਾਰਜ ਕਰ ਦਿੱਤਾ ਸੀ| ਸਾਲ 2018 ਵਿੱਚ ਦਿੱਲੀ ਹਾਈ ਕੋਰਟ ਨੇ ਕੈਂਟ ਇਲਾਕੇ ਵਿੱਚ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਉਂਦੇ ਹੋਏ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ| ਇਸ ਤੋਂ ਬਾਅਦ ਸੱਜਣ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ| ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਚੀਫ ਜਸਟਿਸ ਦੀ ਬੈਂਚ ਵਿੱਚ ਸੁਣਵਾਈ ਲਈ ਅਪੀਲ ਕੀਤੀ ਗਈ ਹੈ| 31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਉਨ੍ਹਾਂ ਦੇ ਸਿੱਖ ਸੁਰੱਖਿਆ ਕਰਮਚਾਰੀਆਂ ਨੇ ਕਰ ਦਿੱਤਾ ਸੀ| ਇਸ ਵਾਰਦਾਤ ਦੇ ਅਗਲੇ ਹੀ ਦਿਨ ਦਿੱਲੀ ਦੇ ਕਈ ਇਲਾਕਿਆਂ ਵਿੱਚ ਦੰਗੇ ਭੜਕ ਗਏ ਸਨ| ਸੱਜਣ ਕੁਮਾਰ ਤੇ ਸਿੱਖਾਂ ਵਿਰੁੱਧ ਦੰਗੇ ਭੜਕਾਉਣ ਦਾ ਦੋਸ਼ ਲੱਗਾ ਸੀ| ਇਸ ਮਾਮਲੇ ਵਿੱਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ| ਉਮਰ ਕੈਦ ਦੀ ਸਜ਼ਾ ਮਿਲਣ ਤੋਂ ਬਾਅਦ 31 ਦਸੰਬਰ 2018 ਨੂੰ ਉਨ੍ਹਾਂ ਨੇ ਹੇਠਲੀ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਸੀ| ਇਸ ਤੋਂ ਬਾਅਦ ਉਨ੍ਹਾਂ ਨੂੰ ਮੰਡੋਲੀ ਜੇਲ ਭੇਜ ਦਿੱਤਾ ਗਿਆ| ਇਸ ਤੋਂ ਬਾਅਦ ਸੱਜਣ ਕੁਮਾਰ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ| ਉਨ੍ਹਾਂ ਨੇ ਜ਼ਿਆਦਾ ਉਮਰ ਦਾ ਹਵਾਲਾ ਦਿੰਦੇ ਹੋਏ ਰਿਹਾਅ ਕਰਨ ਦੀ ਮੰਗ ਕਰਦੇ ਹੋਏ ਕੋਰਟ ਨੂੰ ਅਪੀਲ ਕੀਤੀ ਹੈ|