Skip to content

ਵਿਦਿਆਰਥੀਆਂ ਨੇ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਰਾਹੀਂ ਦਿੱਤਾ ਬਾਬਾ ਨਾਨਕ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨ ਦਾ ਸੁਨੇਹਾ

Share this story

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਲਾਈ ਵਿਦਿਆਰਥੀਆਂ ਵੱਲੋਂ ਬਣਾਏ ਚਿੱਤਰਾਂ ਤੇ ਸੁੰਦਰ ਲਿਖਾਈ ਨਮੂਨਿਆਂ ਦੀ ਪ੍ਰਦਰਸ਼ਨੀ
ਸੁਲਤਾਨਪੁਰ ਲੋਧੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸਿੱਜਦਾ ਕਰਨ ਲਈ ਜਿਥੇ ਲੱਖਾਂ ਦੀ ਤਦਾਦ ਵਿੱਚ ਸੰਗਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਨਗਰੀ ਵੱਲ ਵਹੀਰਾਂ ਘੱਤ ਰਹੀ ਹੈ ਉਥੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਵੱਲੋਂ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।ਪੰਜਾਬ ਸਮਾਲ ਸਕੇਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ( ਪੀ. ਐਸ. ਆਈ. ਈ. ਸੀ.) ਵੱਲੋਂ ਸੁਲਤਾਨਪੁਰ ਲੋਧੀ ਵਿਖੇ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਨੇੜੇ ਲਗਾਈ ਗਈ ਪ੍ਰਦਰਸ਼ਨੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਤਿਆਰ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ, ਜਿਸ ਵਿੱਚ ਵਿਦਿਆਰਥੀਆਂ ਜਿਥੇ ਵਿਦਿਆਰਥੀਆਂ ਨੇ ਰੰਗਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਪੇਸ਼ ਕੀਤਾ ਹੈ ਉਥੇ ਸੁੰਦਰ ਲਿਖਾਈ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਅਤੇ ਫ਼ਲਸਫ਼ੇ ‘ਤੇ ਝਾਤ ਪੁਆਈ ਹੈ।ਪ੍ਰਦਰਸ਼ਨੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰ ਜ਼ਿਲ੍ਹਾ ਬਰਨਾਲਾ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਵੱਲੋਂ ਜਿਥੇ ਆਪਣੀ ਸੁੰਦਰ ਲਿਖਾਈ ਰਾਹੀਂ ‘ਜਪੁਜੀ’ ਸਾਹਿਬ ਦੀ ਮਹਾਨਤਾ ਨੂੰ ਬਿਆਨ ਕੀਤਾ ਗਿਆ ਹੈ ਉਥੇ ਸਰਕਾਰੀ ਹਾਈ ਸਕੂਲ ਮੌੜਾਂ ਜ਼ਿਲ੍ਹਾ ਬਰਨਾਲਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਕੁਲਦੀਪ ਸਿੰਘ ਨੇ ਗੁਰੂ ਸਾਹਿਬ ਵੱਲੋਂ ਸਮਾਜਿਕ ਬੁਰਾਈਆਂ ਖ਼ਿਲਾਫ ਬੁਲੰਦ ਕੀਤੀ ਆਵਾਜ਼ ਨੂੰ ਆਪਣੀ ਕਲਮ ਰਾਹੀਂ ਉਭਾਰਿਆ ਹੈ। ਇਸੇ ਤਰ੍ਹਾਂ ਵਿਦਿਆਰਥੀਆਂ ਵੱਲੋਂ ਰੰਗਾਂ ਰਾਹੀਂ ਗੁਰੂ ਸਾਹਿਬ ਦੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਰਵਵਿਆਪੀ ਸਿਧਾਂਤ ਨੂੰ ਪੇਸ਼ ਕੀਤਾ ਗਿਆ ਹੈ। ਵਿਦਿਆਰਥੀਆਂ ਵੱਲੋਂ ਬਣਾਏ ਗਏ ਪ੍ਰਦਰਸ਼ਨੀ ਦਾ ਸ਼ਿੰਗਾਰ ਬਣੇ ਚਿੱਤਰ ਵੀ ਦਰਸ਼ਕਾਂ ਦੀ ਖ਼ੂਬ ਵਾਹ-ਵਾਹ ਖੱਟ ਰਹੇ ਹਨ।ਇਸ ਸਬੰਧੀ ਜਣਕਾਰੀ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਹਰ ਸਾਲ ਜ਼ਿਲ੍ਹਾ, ਖੇਤਰ ਅਤੇ ਰਾਜ ਪੱਧਰ ‘ਤੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਸਾਲ ਕਰਵਾਏ ਗਏ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਨ। 3 ਨਵੰਬਰ ਨੂੰ ਦੇਸ਼ ਭਗਤ ਕਾਲਜ ਬਰੜਵਾਲ (ਧੂਰੀ) ਵਿਖੇ ਹੋਏ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜੇਤੂ ਵਿਦਿਆਰਥੀਆਂ ਵੱਲੋਂ ਬਣਾਏ ਤੇ ਮੁਕਾਬਲੇ ਵਿੱਚ ਨਿੱਤਰੇ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ, ਜਿਸ ਤਹਿਤ ਇਹ ਪ੍ਰਦਰਸ਼ਨੀ ਲਗਾਈ ਗਈ ਹੈ , ਜੋ ਕਿ 12 ਨਵੰਬਰ ਤੱਕ ਚੱਲੇਗੀ।ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੀ ਪ੍ਰਦਰਸ਼ਨੀ ਵਿੱਚ ਪਹੁੰਚ ਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰ ਚੁੱਕੇ ਹਨ।

Share this story
WRITTEN BY

BREAKING