April 27, 2026
#ਪੰਜਾਬ #ਭਾਰਤੀ ਡਾਇਸਪੋਰਾ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਗ੍ਰਹਿਸਤ ‘ਚ ਰਹਿ ਕੇ ਧਰਮ ਕਮਾਉਣ ਦਾ ਰਾਹ ਦਿਖਾਇਆ : ਸ੍ਰੀ ਰਾਮ ਨਾਥ ਕੋਵਿੰਦ

ਸੁਲਤਾਨਪੁਰ ਲੋਧੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਜ਼ਦੀਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਮੁੱਖ ਸਮਾਗਮ ਦੌਰਾਨ ਅੱਜ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਸਮੂਲੀਅਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਜੋਕੇ ਵਿਸ਼ਵ ਪ੍ਰਸੰਗ ਵਿਚ ਮਨੁੱਖਤਾ ਦੇ ਜੀਵਨ ਲਈ ਸਭ ਤੋਂ ਸਟੀਕ ਤੇ ਉੱਤਮ ਮਾਰਗ ਕਰਾਰ ਦਿੱਤਾ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕੌਮ ਦੇ ਨਾਂ ਸੰਦੇਸ਼ ਦਿੱਤਾ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਦੌਰਾਨ ਦੇਸ਼ ਭਰ ਵਿੱਚੋਂ ਪੁੱਜੀਆਂ ਪੰਥਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।ਸਮਾਗਮ ਦੌਰਾਨ ਸੰਗਤ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਗ੍ਰਹਿਸਤ ‘ਚ ਰਹਿ ਕੇ ਧਰਮ ਕਮਾਉਣ ਦਾ ਰਾਹ ਦਿਖਾਇਆ। ਗੁਰੂ ਸਾਹਿਬ ਨੇ ਧਰਮ ਪ੍ਰੰਪਰਾ ਵਿਚ ਬਣੀ ਇਸ ਮਿੱਥ ਨੂੰ ਤੋੜਿਆ ਕਿ ਮੁਕਤੀ ਹਾਸਲ ਕਰਨ ਤੇ ਧਰਮ ਕਮਾਉਣ ਲਈ ਗ੍ਰਹਿਸਤ ਛੱਡਣਾ ਜ਼ਰੂਰੀ ਹੈ। ਰਾਸ਼ਟਰਪਤੀ ਸ੍ਰੀ ਕੋਵਿੰਦ ਨੇ ਠੇਠ ਪੰਜਾਬੀ ਵਿਚ ਆਪਣੇ ਸੰਬੋਧਨ ਦੌਰਾਨ ਸਿੱਖ ਕੌਮ ਦੀ ਰੱਜਵੀਂ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਾਂ ਨੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲ ਕੇ ਮਿਹਨਤ ਅਤੇ ਇਮਾਨਦਾਰੀ ਸਦਕਾ ਦੁਨੀਆਂ ਭਰ ਵਿਚ ਨਾਮਣਾ ਖੱਟਿਆ ਹੈ ਅਤੇ ਇਹ ਜਿਥੇ ਜਿਥੇ ਵੀ ਵੱਸਦੇ ਹਨ ਸਭ ਨਾਲ ਭਾਈਚਾਰਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਗੁਰਬਾਣੀ ‘ਤੇ ਅਮਲ ਕਰਦਿਆਂ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਜੋਂ ਜਾਣੇ ਜਾਂਦੇ ਹਨ। ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਕੇ ਛਕੋ ਦਾ ਉਪਦੇਸ਼ ਸਿੱਖਾਂ ਦੇ ਜੀਵਨ ਦਾ ਆਧਾਰ ਹੈ। ਉਨ੍ਹਾਂ ਸਿੱਖ ਧਰਮ ਵਿਚ ਮੀਰੀ ਪੀਰੀ ਦੇ ਸਿਧਾਂਤ ਦੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਦਾ ਸੁਮੇਲ ਸਿੱਖ ਧਰਮ ਦੀ ਵਿਲੱਖਣਤਾ ਹੈ। ਉਨ੍ਹਾਂ ਸਿੱਖ ਸੰਗਤ ਦੇ ਨਾਲ-ਨਾਲ ਸਮੁੱਚੇ ਰਾਸ਼ਟਰ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜ ਕੇ ਸਮਾਜ ਨੂੰ ਬਿਹਤਰ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਦੇ ਨਿੱਜੀ ਜੀਵਨ ਨੂੰ ਬਿਹਤਰ ਬਣਾਉਣ ਮਾਰਗ ਦਰਸ਼ਨ ਦਿੱਤਾ ਅਤੇ ਮਨੁੱਖ ਨੂੰ ਸਮਾਜਿਕ ਜ਼ੁੰਮੇਵਾਰੀਆਂ ਪ੍ਰਤੀ ਵੀ ਸੁਚੇਤ ਕੀਤਾ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਅਤੇ ਜਬਰ-ਜ਼ੁਲਮ ਦਾ ਵਿਰੋਧ ਕਰਦਿਆਂ ਨਿਮਾਣਿਆਂ ਅਤੇ ਲਿਤਾੜਿਆਂ ਦੇ ਹੱਕ ਵਿਚ ਅਵਾਜ਼ ਉਠਾਈ। ਨਿਮਰਤਾ ਅਤੇ ਇਸਤਰੀ ਦਾ ਸਤਿਕਾਰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ‘ਚ ਅਹਿਮ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਸਿੱਖਾਂ ਨੂੰ ਤੋਹਫਾ ਦੇਣ ‘ਤੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼ ਦੇ ਰਾਸ਼ਟਰਪਤੀ ਸਮੇਤ ਹੋਰ ਪ੍ਰਮੁੱੱਖ ਸ਼ਖ਼ਸੀਅਤਾਂ ਸਵਾਗਤ ਕਰਦਿਆਂ 550ਵੇਂ ਪ੍ਰਕਾਸ਼ ਪੁਰਬ ਨੂੰ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਖ਼ਾਸ ਮੌਕਾ ਕਿਹਾ।ਇਸ ਮੌਕੇ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ. ਬਿਕਰਮ ਸਿੰਘ ਮਜੀਠੀਆ, ਸ. ਦਲਜੀਤ ਸਿੰਘ ਚੀਮਾ, ਸ. ਦਰਬਾਰਾ ਸਿੰਘ ਗੁਰੂ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਬਿੱਕਰ ਸਿੰਘ ਚੰਨੂ, ਸ. ਜਗਮੀਤ ਸਿੰਘ ਬਰਾੜ, ਸ. ਸਿਕੰਦਰ ਸਿੰਘ ਮਲੂਕਾ, ਸ. ਗੁਲਜ਼ਾਰ ਸਿੰਘ ਰਣੀਕੇ, ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਅਮਰੀਕ ਸਿੰਘ ਵਿਛੋਆ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਦਿਆਲ ਸਿੰਘ ਕੋਲਿਆਂਵਾਲੀ, ਭਾਈ ਰਾਮ ਸਿੰਘ, ਸ. ਅਵਤਾਰ ਸਿੰਘ ਵਣਵਾਲਾ, ਸ. ਸਰਵਨ ਸਿੰਘ ਕੁਲਾਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਬਲਦੇਵ ਸਿੰਘ ਚੂੰਘਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਦਲਜੀਤ ਸਿੰਘ ਭਿੰਡਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਕੁਲਵੰਤ ਸਿੰਘ ਮੰਨਣ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਸਤਵਿੰਦਰ ਸਿੰਘ ਟੌਹੜਾ, ਸ. ਸੁਖਵਰਸ਼ ਸਿੰਘ ਪੰਨੂ, ਸ. ਰਤਨ ਸਿੰਘ ਜੱਫਰਵਾਲ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਨਵਤੇਜ ਸਿੰਘ ਕਾਉਣੀ, ਸ. ਸੱਜਣ ਸਿੰਘ ਬੱਜੂਮਾਨ, ਸ. ਗੁਰਨਾਮ ਸਿੰਘ ਜੱਸਲ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ ਆਦਿ ਮੌਜੂਦ ਸਨ।