ਭਾਰਤ ਨਾਲ ਕੁਲਭੂਸ਼ਨ ਸਬੰਧੀ ਕੋਈ ਸਮਝੌਤਾ ਨਹੀਂ: ਪਾਕਿ
ਇਸਲਾਮਾਬਾਦ – ਪਾਕਿਸਤਾਨ ਸਰਕਾਰ ਨੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਸਬੰਧੀ ਭਾਰਤ ਸਰਕਾਰ ਨਾਲ ਕਿਸੇ ਤਰ੍ਹਾਂ ਦੇ ਸਮਝੌਤੇ ਤੋਂ ਇਨਕਾਰ ਕੀਤਾ ਹੈ। ਜਾਧਵ ਨੂੰ ਪਾਕਿਸਤਾਨ ਦੀ ਫੌਜੀ ਅਦਾਲਤ ਨੇ ਜਾਸੂਸੀ ਅਤੇ ਦਹਿਸ਼ਤਗਰਦੀ ਦੇ ਦੋਸ਼ ਹੇਠ ਅਪਰੈਲ 2017 ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਪਾਕਿ ਵਿਦੇਸ਼ ਵਿਭਾਗ ਦੇ ਤਰਜਮਾਨ ਮੁਹੰਮਦ ਫੈਸਲ ਨੇ ਪੱਤਰਕਾਰਾਂ ਨੂੰ ਕਿਹਾ ,‘‘ਕੁਲਭੂਸ਼ਨ ਜਾਧਵ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਸ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਗਿਆ। ਬਿਲਕੁਲ, ਇਸ ਦਾ ਕੋਈ ਸਵਾਲ ਹੀ ਨਹੀਂ ਹੈ। ’’ ਇਸ ਤੋਂ ਪਹਿਲਾਂ ਖ਼ਬਰਾਂ ਆਈਆਂ ਸਨ ਕਿ ਕੌਮਾਂਤਰੀ ਅਦਾਲਤ ਦੀਆਂ ਸ਼ਰਤਾਂ ਲਾਗੂ ਕਰਨ ਲਈ ਪਾਕਿਸਤਾਨੀ ਫੌਜੀ ਕਾਨੂੰਨ ਵਿੱਚ ਸੋਧ ਕੀਤੀ ਜਾ ਰਹੀ ਹੈ, ਜਿਸ ਤਹਿਤ ਕੁਲਭੂਸ਼ਨ ਜਾਧਵ ਨੂੰ ਨਿਆਂ ਲਈ ਨਾਗਰਿਕ ਅਦਾਲਤ ਵਿੱਚ ਅਰਜ਼ੀ ਦਾਖਲ ਕਰਨ ਦੀ ਇਜਾਜ਼ਤ ਮਿਲ ਜਾਵੇਗੀ। ਪਾਕਿਸਤਾਨੀ ਫੌਜ ਨੇ ਇਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਹੈ।






